Posted inਜਲੰਧਰ ਥਾਣਾ ਖੇਤਰ ’ਚ ਨਸ਼ਾ ਵਿਕਿਆ ਤਾਂ ਹੋਵੇਗੀ ਐੱਸਐੱਚਓ ਦੀ ਜ਼ਿੰਮੇਵਾਰੀ Posted by overwhelmpharma@yahoo.co.in Mar 11, 2025 ਜਲੰਧਰ, 11 ਮਾਰਚ (ਰਵਿੰਦਰ ਸ਼ਰਮਾ) : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਉਂਦਿਆਂ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ’ਚੋਂ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਆਮ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਲੈਣਾ ਚਾਹੀਦਾ ਹੈ। ਧਨਪ੍ਰੀਤ ਕੌਰ ਨੇ ਸਪੱਸ਼ਟ ਕਿਹਾ ਕਿ ਇਸ ਘਿਨਾਉਣੇ ਅਪਰਾਧ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਦਾ ਮੁੱਖ ਫੋਕਸ ਨਸ਼ਾ ਸਪਲਾਈ ਚੇਨ ਨੂੰ ਤੋੜਨਾ ਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੁਹਰਾਇਆ ਕਿ ਉਹ ਇਸ ਮੁਹਿੰਮ ਦੀ ਖੁਦ ਨਿਗਰਾਨੀ ਕਰਨਗੇ ਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਰੇਕ ਥਾਣਾ ਇੰਚਾਰਜ ਆਪਣੇ ਖੇਤਰ ’ਚ ਕਿਸੇ ਵੀ ਕਿਸਮ ਦੇ ਨਸ਼ੇ ਦੀ ਵਿਕਰੀ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਮਾਜਿਕ ਸ਼ਰਾਪ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨੇਕ ਕਾਰਜ ’ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਜਿੰਨਾ ਚਿਰ ਸ਼ਹਿਰ ’ਚ ਨਸ਼ਿਆਂ ਦਾ ਇਕ ਵੀ ਸੁਰਾਗ ਨਹੀਂ ਰਹੇਗਾ, ਉਦੋਂ ਤੱਕ ਉਹ ਆਰਾਮ ਨਹੀਂ ਕਰਨਗੇ ਤੇ ਇਹ ਮੁਹਿੰਮ ਪੂਰੇ ਜੋਸ਼ ਤੇ ਤਨਦੇਹੀ ਨਾਲ ਜਾਰੀ ਰਹੇਗੀ। Post navigation Previous Post ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ’ਚ ਰਹਿਣ ਦਾ ਹੁਕਮNext Postਕੈਮਿਸਟਾਂ ਨੇ ਹੜ੍ਹਤਾਲ ਕਰ ਜਤਾਇਆ ਰੋਸ