Posted inਬਰਨਾਲਾ ਬੁਢਾਪਾ, ਵਿਧਵਾ, ਦਿਵਿਆਂਗਜਨ ਲੋਕਾਂ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ’ਚ ਪਾਉਣ ਦਾ ਪ੍ਰਬੰਧ Posted by overwhelmpharma@yahoo.co.in Apr 2, 2025 ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ’ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 62,270 ਲਾਭਪਾਤਰੀਆਂ ਨੂੰ 9,34,05,000 ਰੁਪਏ, ਵਿਧਵਾ ਪੈਨਸ਼ਨ ਦੇ 14,225 ਲਾਭਪਾਤਰੀਆਂ ਨੂੰ 2,13,37,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5131 ਲਾਭਪਾਤਰੀਆਂ ਨੂੰ 76,96,500 ਰੁਪਏ ਅਤੇ 8167 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,22,50,500 ਰੁਪਏ ਸਿੱਧੇ ਖਾਤਿਆਂ ’ਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 89,793 ਲਾਭਪਾਤਰੀਆਂ ਨੂੰ 13,46,89,500 ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਬਲਾਕ ਵਿੱਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਅਤੇ ਬਲਾਕ ਸ਼ਹਿਣਾ ’ਚ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲਾਭਪਾਤਰੀਆਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਮਹਿਲ ਕਲਾਂ ਵਿੱਚ ਵੱਖ ਵੱਖ ਪੈਨਸ਼ਨ ਸਕੀਮਾਂ ਦੇ 13435 ਲਾਭਪਾਤਰੀ ਅਤੇ ਬਲਾਕ ਸ਼ਹਿਣਾ ਵਿੱਚ 26092 ਲਾਭਪਾਤਰੀ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। Post navigation Previous Post ਬਰਨਾਲਾ ਪੁੱਜੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ : ਨਸ਼ਾ ਤਸਕਰਾਂ ਨੂੰ ਨਸ਼ਿਆਂ ਦਾ ਧੰਦਾ ਜਾਂ ਪੰਜਾਬ ਛੱਡਣ ਦੀ ਦਿੱਤੀ ਚਿਤਾਵਨੀNext Postਸਰਕਾਰੀ ਬਿਰਧ ਘਰ ਵਿੱਚ ਬਜ਼ੁਰਗਾਂ ਲਈ ਸਹੂਲਤਾਂ ਮੁਫ਼ਤ : ਡਿਪਟੀ ਕਮਿਸ਼ਨਰ