ਚੰਡੀਗੜ੍ਹ, 4 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਸਬੰਧੀ ਕੀਤੀ ਜਾ ਰਹੀ ਮਨਮਰਜ਼ੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ ਹੁਣ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਤੋਂ ਕਿਤਾਬਾਂ ਅਤੇ ਵਰਦੀਆਂ ਸੰਬੰਧੀ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਸਮੇਂ ਪਟਿਆਲਾ ਦੇ ਸਕੂਲਾਂ ਦਾ ਆਡਿਟ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀਸੀ ਨੂੰ ਪਾਵਰ ਇਸ ਲਈ ਦਿੱਤੀ ਗਈ ਸੀ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੁਝ ਸਕੂਲਾਂ ਨੇ ਪਿਛਲੇ ਸਾਲ ਦੀਆਂ ਕਿਤਾਬਾਂ ਇਸ ਸਾਲ ਫਿਰ ਬਦਲ ਦਿੱਤੀਆਂ ਹਨ। ਜਦੋਂ ਕਿ ਅਸੀਂ 2023 ਵਿੱਚ ਫੈਸਲਾ ਕੀਤਾ ਸੀ ਕਿ ਵਿਦਿਆਰਥੀਆਂ ਨੂੰ ਸਿਰਫ਼ ਐੱਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਹੀ ਪੜ੍ਹਾਈਆਂ ਜਾਣਗੀਆਂ। ਕਈ ਇਲਾਕਿਆਂ ਵਿੱਚ ਵਰਦੀਆਂ ਸਬੰਧੀ ਵੀ ਸ਼ਿਕਾਇਤਾਂ ਆ ਰਹੀਆਂ ਹਨ, ਜਿਸ ’ਤੇ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

