Posted inFatehgarh Sahib 131 ਦਿਨਾਂ ਬਾਅਦ ਜਗਜੀਤ ਡੱਲੇਵਾਲ ਨੇ ਖ਼ਤਮ ਕੀਤੀ ਭੁੱਖ ਹੜਤਾਲ Posted by overwhelmpharma@yahoo.co.in Apr 6, 2025 ਫਤਿਹਗੜ੍ਹ ਸਾਹਿਬ, 6 ਅਪ੍ਰੈਲ (ਰਵਿੰਦਰ ਸ਼ਰਮਾ) : ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਅਪੀਲ ਤੋਂ ਤੁਰੰਤ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨ ਮੋਰਚਾ ਹਟਾਉਣ ਦੇ ਵਿਰੋਧ ’ਚ ਐਤਵਾਰ ਨੂੰ ਫਤਹਿਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ’ਚ ਮਹਾਂ ਪੰਚਾਇਤ ਹੋਈ, ਜਿਸ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹੋਏ। ਉਹ ਸਰਹਿੰਦ ਦੀ ਅਨਾਜ ਮੰਡੀ ਪਹੁੰਚੇ, ਜਿੱਥੇ 131 ਦਿਨਾਂ ਬਾਅਦ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਸਾਨੂੰ ਮੀਟਿੰਗ ਲਈ ਬੁਲਾ ਰਹੀ ਹੈ ਅਤੇ ਦੂਜੇ ਪਾਸੇ ਰਾਤ ਨੂੰ ਮੋਰਚੇ ’ਤੇ ਜ਼ਬਰਦਸਤੀ ਕਾਰਵਾਈ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸਰਕਾਰ ਦੇ ਜ਼ੁਲਮ ਦੇ ਵਿਰੋਧ ਵਿੱਚ ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਜਾਰੀ ਰਹੇਗਾ। ਮੋਰਚੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਅਤੇ ਅਖੰਡ ਜੋਤ ਨੂੰ ਰੋਕਣ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਦੱਸ ਦਈਏ ਕਿ ਡੱਲੇਵਾਲ ਕਰੀਬ ਪੰਜ ਮਹੀਨਿਆਂ ਤੋਂ ਭੁੱਖ ਹੜਤਾਲ ‘ਤੇ ਸਨ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਸ਼ੰਭੂ ਖਨੌਰੀ ਮੋਰਚਾ ਖਤਮ ਕਰਵਾ ਦਿੱਤਾ ਸੀ, ਜਿਸ ਤੋਂ ਬਾਅਦ ਵੀ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਰਹੀ, ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਅਤੇ ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਪਰ ਅੱਜ ਉਹ ਇੱਕ ਪ੍ਰੋਗਰਾਮ ਵਿੱਚ ਪਹੁੰਚੇ, ਜਿੱਥੇ ਉਹ ਵ੍ਹੀਲਚੇਅਰ ‘ਤੇ ਬੈਠੇ ਸਨ ਅਤੇ ਉਨ੍ਹਾਂ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਅੱਜ ਤੋਂ ਆਪਣੀ ਭੁੱਖ ਹੜਤਾਲ ਖਤਮ ਕਰ ਰਹੇ ਹਨ, ਪਰ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। 26 ਨਵੰਬਰ 2024 ਨੂੰ ਡੱਲੇਵਾਲ ਨੇ ਖਨੌਰੀ ਸਰਹੱਦ ਤੋਂ ਭੁੱਖ ਹੜਤਾਲ ਕੀਤੀ ਸੀ। ਆਪਣੇ ਸੰਬੋਧਨ ਵਿੱਚ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ, ਹਾਲਾਂਕਿ ਉਨ੍ਹਾਂ ਨੇ ਪੰਜਾਬ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਹੈ, ਕਿਉਂਕਿ ਸਰਕਾਰ ਨੇ ਆਪਣੇ ਪੁਲਿਸ ਤੰਤਰ ਨਾਲ ਉਨ੍ਹਾਂ ਦਾ ਧਰਨਾ ਖਤਮ ਕਰਵਾ ਦਿੱਤਾ ਹੈ। Post navigation Previous Post ਬਰਨਾਲਾ ਜ਼ਿਲ੍ਹੇ ’ਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾ, ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਮੰਗਿਆ ਸਹਿਯੋਗNext Postਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਸੋਮਵਾਰ ਨੂੰ