– ਸੰਸਦ ਮੈਂਬਰ ਨੇ ਸੇਖਾ ਅਤੇ ਸੰਘੇੜਾ ਸਕੂਲਾਂ ਵਿੱਚ ਪੌਣੇ ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ

ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਹਾਈ ਸਕੂਲ ਸੰਘੇੜਾ ਵਿਖੇ ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸੰਘੇੜਾ ਵਿੱਚ 16.21 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਵਿੱਚ 17.88 ਲੱਖ ਦੀ ਲਾਗਤ ਨਾਲ ਚਾਰਦੀਵਾਰੀ, ਪਖਾਨਿਆਂ ਤੇ ਕਮਰਿਆਂ ਦੇ ਨਵੀਨੀਕਰਨ ਦੇ ਕੰਮ ਕਰਾਏ ਗਏ ਹਨ।
ਇਸ ਮਗਰੋਂ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਵਿੱਚ 22.29 ਲੱਖ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਵਿੱਚ 19.19 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਸਕੂਲ ਅਧਿਆਪਕਾਂ ਨੂੰ ਮਿਹਨਤ ਅਤੇ ਸ਼ਿੱਦਤ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਵਲੋਂ ਵੀ ਫੰਡਾਂ ਅਤੇ ਸਹੂਲਤਾਂ ਪੱਖੋਂ ਕਮੀ ਨਹੀਂ ਛੱਡੀ ਜਾ ਰਹੀ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਨੂੰ ਸਦੀਆਂ ਤੱਕ ਮਿਲਦੇ ਰਹਿਣਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਹਰਿੰਦਰ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਸਕੂਲ ਪ੍ਰਿੰਸੀਪਲ, ਵਿਦਿਆਰਥੀ, ਮਾਪੇ ਅਤੇ ਪਤਵੰਤੇ ਹਾਜ਼ਰ ਸਨ।