Posted inਅੰਮ੍ਰਿਤਸਰ ਨਸ਼ਾ ਤਸਕਰੀ ਦੇ ਮਾਮਲੇ ’ਚ ਕੇਸ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਸਿਪਾਹੀ ਵਿਜੀਲੈਂਸ ਨੇ ਕੀਤਾ ਕਾਬੂ Posted by overwhelmpharma@yahoo.co.in Apr 15, 2025 ਅੰਮ੍ਰਿਤਸਰ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਇੰਨ੍ਹਾਂ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਨਕੇਲ ਕਸੀ ਜਾ ਰਹੀ ਹੈ। ਅਜਿਹੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀਆਈਏ-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਉਸਦੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ‘ਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਫਿਰ ਵੀ ਉਕਤ ਪੁਲਿਸ ਮੁਲਾਜ਼ਮ ਕ੍ਰਿਸ਼ਨ ਕੁਮਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਐਫਆਈਆਰ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਟੀਮ ਨੇ ਸ਼ਿਕਾਇਤ ਕਰਤਾ ਵੱਲੋਂ ਪੇਸ਼ ਕੀਤੇ ਸਬੂਤਾਂ ਦੀ ਪੜਤਾਲ ਕੀਤੀ ਜਿਸ ਦੌਰਾਨ ਦੋਸ਼ ਸਹੀ ਪਾਏ ਗਏ ਤਾਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Post navigation Previous Post ਸਕੂਲਾਂ ਦਾ ਨਵੀਨੀਕਰਨ, ਮਿਆਰੀ ਸਿੱਖਿਆ ਹੈ ਸਿੱਖਿਆ ਕ੍ਰਾਂਤੀ ਦਾ ਮੁੱਖ ਮੰਤਵ : ਹਰਿੰਦਰ ਸਿੰਘ ਧਾਲੀਵਾਲNext Postਸਰਬੱਤ ਦਾ ਭਲਾ ਟਰੱਸਟ ਵੱਲੋ 205 ਲੋੜਵੰਦ ਵਿਧਵਾਵਾਂ ਤੇ ਅਪਾਹਿਜਾਂ ਨੂੰ ਮਹੀਨਾ ਵਾਰ ਪੈਨਸ਼ਨ ਦੇ ਚੈੱਕ ਵੰਡੇ – ਸਿੱਧੂ