
ਬਰਨਾਲਾ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਖੀ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਆਈ.ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਤੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਐੱਸ.ਪੀ (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਟੀਮਾਂ ਨੇ ਬਰਨਾਲਾ ਅੰਦਰ ਨਸ਼ਿਆਂ ਲਈ ਬਦਨਾਮ ਜਾਣੀ ਜਾਂਦੀ ਸੈਂਸੀ ਬਸਤੀ ਵਿੱਚ ਛਾਪੇਮਾਰੀ ਕਰਦਿਆਂ ਘਰਾਂ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।। ਇਸ ਮੌਕੇ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ, ਡੀਐਸਪੀ ਜਤਿੰਦਰਪਾਲ ਸਿੰਘ, ਸੀਆਈਏ ਸਟਾਫ ਦੇ ਮੁਖੀ ਇੰਸ, ਬਲਜੀਤ ਸਿੰਘ, ਥਾਣਾ ਸਿਟੀ-1 ਦੇ ਮੁਖੀ ਇੰਸਪੈਕਟਰ ਲਖਵਿੰਦਰ ਸਿੰਘ, ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸ਼ੇਰਵਿੰਦਰ ਸਿੰਘ, ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ, ਏ.ਐਸ.ਆਈ. ਅਤਿੰਦਰ ਸਿੰਘ ਸਣੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਪੁਲਿਸ ਵੱਲੋਂ ਲੋਕਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ।

ਨਸ਼ਿਆਂ ਦੇ ਅੱਡੇ ‘ਤੇ ਛਾਪੇਮਾਰੀ: ਇਸ ਮੌਕੇ ਐੱਸ.ਪੀ (ਡੀ) ਅਸ਼ੋਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਿਆਂ ਦੇ ਅੱਡੇ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੀ ਨਸ਼ਿਆਂ ਲਈ ਬਦਨਾਮ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਪੂਰੀ ਪੁਲਿਸ ਪਾਰਟੀ ਨਾਲ ਇਨ੍ਹਾਂ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਘਰ ਜਾਂ ਵਿਅਕਤੀ ਤੋਂ ਕਿਸੇ ਵੀ ਕਿਸਮ ਦਾ ਨਸ਼ਾ ਮਿਲਿਆ ਤਾਂ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤੋਂ ਅੱਗੇ ਪੂਰੀ ਨਸ਼ਾ ਸਪਲਾਈ ਚੇਨ ਤੱਕ ਪਹੁੰਚ ਕਰਕੇ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।
