ਮੰਗਾਂ ਹੱਲ ਨਾ ਹੋਣ ‘ਤੇ 4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ਚੇਤਾਵਨੀ ਮਾਰਚ : ਅਧਿਆਪਕ ਜੱਥੇਬੰਦੀਆਂ

– 3704 ਅਤੇ 6635 ਭਰਤੀਆਂ ਦੀ ਰੀਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ

ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕੱਢਣ ਖਿਲਾਫ਼ ਅਤੇ ਬਦਲੀਆਂ ਸੰਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲਾ ਪ੍ਰਧਾਨ ਰਾਜੀਵ ਕੁਮਾਰ, 6635 ਈ.ਟੀ. ਟੀ. ਅਧਿਆਪਕ ਯੂਨੀਅਨ ਦੇ ਜੱਗਾ ਸਿੰਘ ਬੋਹਾ,4161 ਮਾਸਟਰ ਕਾਡਰ ਯੂਨੀਅਨ ਦੇ ਮਾਲਵਿੰਦਰ ਠੀਕਰੀਵਾਲ ਦੀ ਅਗਵਾਈ ਹੇਠ ਅੱਜ ਸਥਾਨਕ ਤਰਕਸ਼ੀਲ ਭਵਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੰਗਾਂ ਦੇ ਵਾਜਿਬ ਹੱਲ ਨਾ ਹੋਣ ‘ਤੇ 4 ਮਈ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਦਾ ਫ਼ੈਸਲਾ ਕੀਤਾ ਗਿਆ ਅਤੇ ਲੁਧਿਆਣਾ (ਪੱਛਮੀ) ਹਲਕੇ ਵਿੱਚ ਜਿਮਨੀ ਚੋਣ ਦੌਰਾਨ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਸੰਬੰਧੀ ਚਰਚਾ ਕੀਤੀ ।ਇਸ ਮੌਕੇ ਨਿਰਮਲ ਚੁਹਾਣਕੇ, ਰਮਨਦੀਪ ਕੋਟਦੁੱਨਾ, ਰਣਜੀਤ ਕੌਰ, ਅਮਰਜੀਤ ਸਿੰਘ, ਮੈਡਮ ਰਿੰਪੀ ਨੇ ਮੰਗ ਕਰਦਿਆਂ ਕਿਹਾ ਕਿ ਨਿਯੁਕਤੀ ਸੂਚੀਆਂ ਰੀਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਂਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰੱਦ ਕੀਤੇ ਜਾਣ ਦੀ ਵੀ ਪੁਰਜ਼ੋਰ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜ਼ਿਬ ਅਤੇ ਮਾਰੂ ਫ਼ੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ l 180 ਈ.ਟੀ.ਟੀ. ਅਧਿਆਪਕਾਂ ਤੇ (4500 ਈ.ਟੀ.ਟੀ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ। ਇਸ ਮੌਕੇ ਡੀ ਟੀ ਐੱਫ ਸੂਬਾਈ ਆਗੂ ਰਾਜਿੰਦਰ ਮੂਲੋਵਾਲ, ਰਮਨਦੀਪ ਬਰਨਾਲਾ,6635 ਈ.ਟੀ.ਟੀ. ਆਗੂ ਸੁਮੀਤ ਕੁਮਾਰ ਨਾਈਵਾਲਾ,ਸੰਦੀਪ ਕੁਮਾਰ ਸੰਘੇੜਾ,ਗੁਰਦੀਪ ਸਿੰਘ, ਜਗਸੀਰ ਸਿੰਘ, 4161 ਮਾਸਟਰ ਕਾਡਰ ਯੂਨੀਅਨ ਆਗੂ ਵਿਕਰਮ ਉੱਗੋਕੇ, ਅਵਤਾਰ ਸਿੰਘ ਤਲਵੰਡੀ,ਜਸਵਿੰਦਰ ਸਿੰਘ ਦਰਾਜ ਹਾਜ਼ਰ ਸਨ ।

Leave a Comment

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.