– ਹਰ ਪਿੰਡ ਨਸ਼ਿਆਂ ਵਿਰੁੱਧ ਡਟਣ ਦਾ ਤਹੱਈਆ ਕਰੇ : ਮੋਹਿੰਦਰ ਭਗਤ
– ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨ ਲਈ ਯਤਨਸ਼ੀਲ : ਮੀਤ ਹੇਅਰ
– ਜ਼ਿਲ੍ਹਾ ਪ੍ਰਸ਼ਾਸਨ ਵਲੋਂ “ਪਿੰਡਾਂ ਦੇ ਪਹਿਰੇਦਾਰਾਂ” ਦਾ ਜ਼ਿਲ੍ਹਾ ਪੱਧਰੀ ਸਮਾਗਮ
– ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਸੱਦਾ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬਣਾਈਆਂ ਕਮੇਟੀਆਂ “ਪਿੰਡਾਂ ਦੇ ਪਹਿਰੇਦਾਰਾਂ” ਦੇ ਸਥਾਨਕ ਪੈਲੇਸ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਪੁਲੀਸ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ‘ਤੇ ਕੰਮ ਕੀਤਾ ਜਾ ਰਿਹਾ ਹੈ, ਓਥੇ ਸਿਹਤ ਵਿਭਾਗ ਰਾਹੀਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਪੂਰੀਆਂ ਸਹੂਲਤਾਂ ਦੇ ਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਪਿੰਡ ਪਿੰਡ ਜਾਗਰੂਕਤਾ ਫੈਲਾਈ ਜਾ ਰਹੀ ਹੈ। ਮੁੜ ਵਸੇਬਾ ਕੇਂਦਰਾਂ ਵਿੱਚ ਯੋਗਾ, ਮੈਡੀਟੇਸ਼ਨ, ਖੇਡ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੁਪੋਰਟ ਗਰੁੱਪ ਵੀ ਬਣਾਏ ਜਾ ਰਹੇ ਹਨ ਜੋ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਗੇ।

ਇਸ ਮੌਕੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਇਕੱਲੇ ਵਿਅਕਤੀ ਦੀ ਨਹੀਂ ਬਲਕਿ ਇਸ ਵਿਚ ਹਰ ਪਿੰਡ – ਸ਼ਹਿਰ ਵਾਸੀ ਯੋਗਦਾਨ ਪਾਵੇ। ਪਿੰਡਾਂ ਦੇ ਪਿੰਡ ਤਹਈਆ ਕਰਨ ਤਾਂ ਜੋ ਅਸੀਂ ਸੂਬੇ ਨੂੰ ਨਸ਼ਾ ਮੁਕਤ ਕਰ ਸਕੀਏ।ਉਨ੍ਹਾਂ ਕਿਹਾ ਕਿ ਇਸੇ ਮਕਸਦ ਲਈ ਹਰ ਪਿੰਡ ਵਿਚ ਵਿਲੇਜ ਡਿਫੈਂਸ ਕਮੇਟੀ ਬਣਾਈ ਗਈ ਹੈ ਅਤੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੀਤੀ ਜਾਣੀ ਹੈ ਤੇ ਸਭਾਵਾਂ ਕੀਤੀਆਂ ਜਾਣੀਆਂ ਹਨ, ਜਿਸ ਵਿਚ ਹਰ ਸਰਪੰਚ, ਪੰਚ, ਨੰਬਰਦਾਰ, ਆਸ਼ਾ ਅਤੇ ਹੋਰ ਮੋਹਤਬਰ ਪੂਰਾ ਸਹਿਯੋਗ ਦੇਵੇ।
ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਹਰ ਜ਼ਿਲ੍ਹੇ ਵਿੱਚ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸਾਰੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਰਨਾਲਾ ਸਾਹਿਤਕਾਰਾਂ ਦਾ ਮੱਕਾ ਕਿਹਾ ਜਾਂਦਾ ਹੈ, ਇਹ ਸਾਹਿਤਕਾਰਾਂ ਦੀ ਧਰਤੀ ਹੈ, ਬੌਧਿਕ ਲੋਕਾਂ ਦੀ ਧਰਤੀ ਹੈ, ਆਓ ਸਾਰੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮੁਹਿੰਮ ਵਿੱਚ ਜਿੱਤ ਹਾਸਲ ਕਰੀਏ।




