10ਵੀਂ ’ਚੋਂ 1500 ਅਤੇ 12ਵੀਂ ’ਚੋਂ 3800 ਵਿਦਿਆਰਥੀ ਹੋਏ ਫ਼ੇਲ੍ਹ..! ਫਿਰ ਕਿੰਝ ਸਿੱਖਣਗੇ ਤੇਲਗੂ?

ਚੰਡੀਗੜ੍ਹ, 25 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣ ਬਾਰੇ ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਜਿੱਥੇ ਪੰਜਾਬੀ ਜਗਤ ਵਿੱਚ ਜਮ ਕੇ ਆਲੋਚਨਾ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਦਾਅਵਾ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੰਜਾਬੀ ਸਿੱਖਣਗੇ। ਵੈਸੇ, ਇਸ ਗੱਲ ਦਾ ਕੋਈ ਮਤਲਬ ਨਹੀਂ ਕਿ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਪੜਾਉਣ ਅਤੇ ਬੱਚਿਆਂ ਨੂੰ ਪੰਜਾਬੀ ਦੇ ਅੱਖਰ ਸਿਖਾਉਣ ਬਾਰੇ ਕੋਈ ਉਪਰਾਲਾ ਸਰਕਾਰ ਦੇ ਵੱਲੋਂ ਨਹੀਂ ਕੀਤਾ ਜਾਂਦਾ, ਜਦੋਂਕਿ ਤੇਲਗੂ ਪੜਾਉਣ ਦੇ ਵਾਸਤੇ ਬਕਾਇਦਾ ਪੱਤਰ ਤੱਕ ਜਾਰੀ ਕਰ ਦਿੱਤੇ ਜਾਂਦੇ ਨੇ। 

ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਨਵੇਂ ਕਾਰਨਾਮਿਆਂ ਦੇ ਕਾਰਨ ਚਰਚਾ ਵਿੱਚ ਤਾਂ ਰਹਿੰਦਾ ਹੀ ਹੈ। ਪਰ ਇਸ ਵਾਰ ਤਾਂ ਇਸ ਵਿਭਾਗ ਨੇ ਹੱਦ ਹੀ ਕਰ ਦਿੱਤੀ। ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ’ਤੇ ਵਿਭਾਗ ਨੇ ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਤੇਲਗੂ ਸਿਖਾਉਣ ਦਾ ਆਦੇਸ਼ ਜਾਰੀ ਕਰ ਦਿੱਤਾ।
ਅਧਿਆਪਕ ਜਥੇਬੰਦੀ ਡੀਟੀਐਫ ਦੁਆਰਾ ਕੀਤੇ ਗਏ ਖ਼ੁਲਾਸੇ ਅਨੁਸਾਰ, ਪੰਜਾਬ ਦੇ ਬਹੁ-ਗਿਣਤੀ ਵਿਦਿਆਰਥੀਆਂ ਦੀ ਮਾਤ ਭਾਸ਼ਾ ਹੋਣ ਦੇ ਬਾਵਜੂਦ ਵੀ ਉਹ ਵੱਡੇ ਪੱਧਰ ਤੇ ਪੰਜਾਬੀ ਵਿਸ਼ੇ ਨੂੰ ਪਾਸ ਨਹੀਂ ਕਰ ਸਕੇ। ਖ਼ੁਲਾਸੇ ਦੇ ਅਨੁਸਾਰ ਬਾਰਵੀਂ ਜਮਾਤ ਵਿੱਚੋਂ ਜਨਰਲ ਪੰਜਾਬੀ ਵਿੱਚੋਂ 3800 ਤੋਂ ਵੱਧ ਵਿਦਿਆਰਥੀ ਫ਼ੇਲ੍ਹ ਹੋ ਗਏ, ਜਦੋਂ ਕਿ ਦਸਵੀਂ ਜਮਾਤ ਵਿੱਚੋਂ 1571 ਵਿਦਿਆਰਥੀ ਪਹਿਲੀ ਭਾਸ਼ਾ ਪੰਜਾਬੀ ਪਾਸ ਹੀ ਨਹੀਂ ਕਰ ਸਕੇ। ਪਰ ਦੂਜੇ ਬੰਨੇ ਸਿੱਖਿਆ ਵਿਭਾਗ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣ ਲਈ ਅਧਿਆਪਕਾਂ ਨੂੰ ਹੁਕਮ ਜਾਰੀ ਕਰ ਰਿਹਾ ਹੈ।
ਵੈਸੇ ਕਿੰਨੀ ਹਾਸੋ ਹੀਨੀ ਗੱਲ ਹੈ ਨਾ ਕਿ, ਪੰਜਾਬ ਦੇ ਵਿਦਿਆਰਥੀਆਂ ਨੂੰ ਤਾਂ ਪੰਜਾਬੀ ਤਾਂ ਚੰਗੀ ਤਰ੍ਹਾਂ ਆਉਂਦੀ ਨਹੀਂ, ਉਹ ਤੇਲਗੂ ਸਵਾਹ ਸਿੱਖਣਗੇ। ਪੰਜਾਬੀ ਭਾਸ਼ਾ ਵਿੱਚ ਪਛੜੇ ਵਿਦਿਆਰਥੀਆਂ ਨੂੰ ਵਿਸ਼ੇਸ਼ ਧਿਆਨ ਦੇਣ ਦੇ ਨਾਂ ‘ਤੇ ਸਮਰੱਥ ਮਿਸ਼ਨ ਪਿਛਲੇ ਦੋ ਸਾਲਾਂ ਤੋਂ ਵੱਖ-ਵੱਖ ਗਰੁੱਪਾਂ ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ। ਜਿਸ ਵਿੱਚ ਅੱਠਵੀਂ ਜਮਾਤ ਤੱਕ ਦੇ ਕਈ ਵਿਦਿਆਰਥੀ ਹਾਲੇ ਤੱਕ ਇੱਕ ਸ਼ਬਦ ਤੱਕ ਨਹੀਂ ਸਿੱਖ ਸਕੇ, ਭਾਵ ਉਹ ਪੰਜਾਬੀ ਭਾਸ਼ਾ ਵਿੱਚ ਆਪਣੇ ਨਾਲ ਦੇ ਵਿਦਿਆਰਥੀਆਂ ਨਾਲੋਂ ਕਾਫ਼ੀ ਪਛੜੇ ਹੋਏ ਹਨ।
ਸਿੱਖਿਆ ਵਿਭਾਗ ਵੱਲੋਂ ਤਿੰਨ ਭਾਸ਼ਾ ਸੂਤਰ ਨੂੰ ਵੀ ਤੋੜਦਿਆਂ ਚੌਥੀ ਭਾਸ਼ਾ ਤੇਲਗੂ ਦੇ ਮੁੱਢਲੇ ਗਿਆਨ ਦੇ ਨਿਰਦੇਸ਼ਾਂ ਬਾਰੇ ਟਿੱਪਣੀ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਅਜਿਹੇ ਤਰਕਹੀਣ ਤਜਰਬਿਆਂ ਤੋਂ ਬਾਜ਼ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਵਿਦਿਆਰਥੀ ਤਿੰਨ ਭਾਸ਼ਾਈ ਸੂਤਰ ਅਧੀਨ ਤਿੰਨ ਭਾਸ਼ਾਵਾਂ ਸਿੱਖ ਰਹੇ ਹਨ, ਉਨ੍ਹਾਂ ’ਤੇ ਚੌਥੀ ਭਾਸ਼ਾ ਲੱਦਣੀ ਬਿਲਕੁਲ ਗੈਰ ਮਨੋਵਿਗਿਆਨਕ ਹੈ। ਨਾਲ ਹੀ ਅੱਜ ਦੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਯੁੱਗ ਵਿੱਚ ਕਿਸੇ ਵੀ ਭਾਸ਼ਾ ਦਾ ਉਲੱਥਾ ਦੂਜੀ ਭਾਸ਼ਾ ਵਿੱਚ ਹਾਸਲ ਕੀਤਾ ਜਾ ਸਕਦਾ ਹੈ, ਤਾਂ ਇਸ ਹਾਲਤ ਵਿੱਚ ਵਿਦਿਆਰਥੀਆਂ ਤੇ ਵਾਧੂ ਮਾਨਸਿਕ ਬੋਝ ਪਾਉਣਾ ਬੇਲੋੜਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡ ਕੇ ਕੰਮ ਵਾਲੇ ਦਿਨਾਂ ਵਿੱਚ ਅੱਧੀ ਛੁੱਟੀ ਤੋਂ ਬਾਅਦ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਸਵੇਰ ਦੇ ਸਮੇਂ ਤਿੰਨ ਘੰਟੇ ਸਮਰ ਕੈਂਪ ਲਾ ਕੇ ਤੇਲਗੂ ਭਾਸ਼ਾ ਦਾ ਗਿਆਨ ਦਿੱਤਾ ਜਾਵੇ। ਆਗੂਆਂ ਨੇ ਸਿੱਖਿਆ ਵਿਭਾਗ ’ਤੇ ਦੋਸ਼ ਲਗਾਇਆ ਕਿ ਨਿੱਤ ਨਵੇਂ ਤਜਰਬਿਆਂ ਨਾਲ ਸਿੱਖਿਆ ਦਾ ਉਜਾੜਾ ਕੀਤਾ ਜਾ ਰਿਹਾ ਹੈ, ਸਕੂਲਾਂ ਵਿੱਚ ਲੋੜੀਂਦੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੀ ਥਾਂ ਅਧਿਆਪਕਾਂ ਨੂੰ ਹੋਰ ਕੰਮਾਂ ਵਿੱਚ ਉਲਝਾ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਡੀਟੀਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਸੈਸ਼ਨ ਦੇ ਸ਼ੁਰੂ ਵਿੱਚ ਇੱਕ ਨਿਸ਼ਚਿਤ ਕਲੰਡਰ ਜਾਰੀ ਕਰੇ ਜਿਸ ਅਨੁਸਾਰ ਸਾਰੀਆਂ ਗਤੀਵਿਧੀਆਂ ਹੋਣ ਨਾ ਕਿ ਨਿੱਤ ਦਿਨ ਨਵੇਂ ਤਜਰਬੇ ਕੀਤੇ ਜਾਣ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.