Posted inFazilka ਨਾਬਾਲਗ ਤੋਂ ਇਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ SSP ਵਰਿੰਦਰ ਬਰਾੜ ਮੁਅੱਤਲ Posted by overwhelmpharma@yahoo.co.in May 28, 2025 ਫਾਜ਼ਿਲਕਾ, 28 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਤਹਿਤ ਜਿੱਥੇ ਲੰਘੇ ਦਿਨੀਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉੱਥੇ ਹੀ ਹੁਣ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ’ਚ ਸਰਕਾਰ ਵਲੋਂ ਸਖ਼ਤ ਰੁਖ਼ ਅਪਣਾਉਂਦਿਆਂ ਫਾਜ਼ਿਲਕਾ ਦੇ ਸੀਨੀਅਰ ਪੁਲਿਸ ਕਪਤਾਨ (SSP) ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਸਾਈਬਰ ਕ੍ਰਾਈਮ ਪੁਲਿਸ ਥਾਣੇ ਦੇ ਚਾਰ ਪੁਲਿਸ ਕਰਮੀਆਂ ਵੱਲੋਂ ਇੱਕ ਨਾਬਾਲਗ ਲੜਕੇ ਤੋਂ ਵੀਡੀਓ ਦੇ ਬਹਾਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ, ਜਿਸ ਤਹਿਤ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਸ ਕੇਸ ’ਚ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਮੁਖੀ, ਇੱਕ ਰੀਡਰ ਅਤੇ ਦੋ ਕਾਂਸਟੇਬਲਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਘੁਟਾਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਫਾਜ਼ਿਲਕਾ ਦੇ ਇੱਕ ਨਿਵਾਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਅਨੁਸਾਰ, ਪੁਲਿਸ ਕਰਮੀਆਂ ਨੇ ਇੱਕ ਨਾਬਾਲਗ ਦੇ ਫ਼ੋਨ ਵਿੱਚ ਮੌਜੂਦ ਕੁਝ ਵੀਡੀਓ ਦੇ ਆਧਾਰ ‘ਤੇ ਉਸ ਨੂੰ ਧਮਕਾਇਆ ਅਤੇ ਮਾਮਲਾ ਰਫ਼ਾ-ਦਫ਼ਾ ਕਰਨ ਲਈ ਪਰਿਵਾਰ ਤੋਂ ਰਿਸ਼ਵਤ ਮੰਗੀ। ਪਰਿਵਾਰ ਨੇ ਕਾਨੂੰਨੀ ਤਰੀਕੇ ਨਾਲ ਹੱਲ ਦੀ ਕੋਸ਼ਿਸ਼ ਕੀਤੀ, ਪਰ ਅੰਤ ਵਿੱਚ ਉਨ੍ਹਾਂ ਨੂੰ ਜ਼ਬਰਦਸਤੀ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਚਾਰੋਂ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਸੀ ਅਤੇ ਰਾਜ ਦੀ ਭ੍ਰਿਸ਼ਟਾਚਾਰ ਪ੍ਰਤੀ “ਜ਼ੀਰੋ ਟਾਲਰੈਂਸ ਨੀਤੀ” ਨੂੰ ਦੁਹਰਾਇਆ ਸੀ। ਹੁਣ ਜਾਂਚ ਦੇ ਆਧਾਰ ’ਤੇ SSP ਵਰਿੰਦਰ ਬਰਾੜ ‘ਤੇ ਵੀ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਇਹ ਸੰਦੇਸ਼ ਗਿਆ ਹੈ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਪੱਧਰ ਦਾ ਹੋਵੇ। Post navigation Previous Post ਬਰਨਾਲਾ ਦੇ 30 ਸਾਲਾਂ ਨੌਜਵਾਨ ਦੀ ਆਸਟ੍ਰੇਲੀਆ ’ਚ ਮੌਤNext PostSSP Varinder Brar Suspended in Minor Extortion Case Involving One Lakh Rupees