
ਬਰਨਾਲਾ, 1 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ ਇੱਕ ਬਜ਼ੁਰਗ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ, ਪਰ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਐਤਵਾਰ ਨੂੰ ਪਿੰਡ ਗਹਿਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਇੱਕ ਬਜ਼ੁਰਗ ਵਿਅਕਤੀ ਦਾਖਲ ਹੋਇਆ। ਬਜ਼ੁਰਗ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਉਕਤ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਵਿੱਚੋਂ ਰੁਮਾਲਾ ਸਾਹਿਬ ਹਟਾ ਦਿੱਤਾ ਤਾਂ ਦਰਬਾਰ ਹਾਲ ਵਿੱਚ ਬੈਠੇ ਸੇਵਾਦਾਰ ਨੇ ਉਸਨੂੰ ਲਲਕਾਰਿਆ ਅਤੇ ਉਸਨੂੰ ਰੋਕਿਆ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੇਵਾਦਾਰਾਂ ਨੇ ਤੁਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਮੌਕੇ ’ਤੇ ਪੁੱਜੇ। ਉਨ੍ਹਾਂ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਥੇਦਾਰ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਐਸਜੀਪੀਸੀ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਮੌਕੇ ’ਤੇ ਪਹੁੰਚੇ ਡੀਐਸਪੀ ਮਹਿਲ ਕਲਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕ ਦਿੱਤੀ ਗਈ ਹੈ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ, ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
