Posted inਜਲੰਧਰ ਪੰਜਾਬ ਪੁਲਿਸ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ : ਗੌਰਵ ਯਾਦਵ Posted by overwhelmpharma@yahoo.co.in Jun 5, 2025 ਜਲੰਧਰ, 5 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਚਲਾਈ ਗਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 1 ਮਾਰਚ ਤੋਂ ਲੈ ਕੇ ਹੁਣ 15,495 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਮੁਹਿੰਮ ਦੇ ਪਹਿਲੇ ਤਿੰਨ ਮਹੀਨਿਆਂ ’ਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਪ੍ਰਗਟਾਵਾ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੀਏਪੀ ਕੰਪਲੈਕਸ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡੀਜੀਪੀ ਯਾਦਵ ਨੇ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਵਿਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜ੍ਹਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਮੁੜ ਵਸੇਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂ ਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂ ਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ ’ਤੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ। ਇਸ ਦੌਰਾਨ ਏਡੀਜੀਪੀ ਏਐੱਨਟੀਐਫ ਨੀਲਾਭ ਕਿਸ਼ੋਰ ਨੇ ਪ੍ਰੈਜੈਂਟੇਸ਼ਨ ਵੀ ਦਿੱਤੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐੱਸਐੱਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ। 607 ਕਿਲੋਗ੍ਰਾਮ ਹੈਰੋਇਨ, 249 ਕਿੱਲੋਗ੍ਰਾਮ ਅਫੀਮ, 10.8 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 607 ਕਿਲੋ ਹੈਰੋਇਨ, 249 ਕਿੱਲੋ ਅਫੀਮ, 14 ਟਨ ਭੁੱਕੀ, 9 ਕਿੱਲੋ ਚਰਸ, 263 ਕਿੱਲੋ ਗਾਂਜਾ, 2.5 ਕਿੱਲੋ ਆਈਸੀਈ, 1.6 ਕਿੱਲੋ ਕੋਕੀਨ, 26.35 ਲੱਖ ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ। Post navigation Previous Post ਛੋਟੇ ਦੁਕਾਨਦਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਓਵਰ ਟਾਈਮ ਕੰਮ ਦੇ ਮਿਲਣਗੇ ਦੁੱਗਣੇ ਪੈਸੇNext Postਸਾਈਕਲ ਸਟੈਂਡ ਦੇ ਕਰਮਚਾਰੀਆਂ ਨੇ ਜ਼ਬਰਦਸਤੀ 10 ਰੁਪਏ ਵਸੂਲਣ ਲਈ ਮੋਟਰਸਾਈਕਲ ਸਵਾਰ ’ਤੇ ਕੀਤਾ ਹਮਲਾ