Posted inਬਰਨਾਲਾ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ : ਟੀ ਬੈਨਿਥ Posted by overwhelmpharma@yahoo.co.in Jun 15, 2025 – ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ, ਨਸ਼ਾ ਮੁਕਤੀ ਕੇਂਦਰ ਵਿਚ ਮਰੀਜ਼ਾਂ ਨਾਲ ਕੀਤੀ ਗੱਲਬਾਤ – ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ। ਓਨ੍ਹਾਂ ਅੱਜ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦੇ ਜਨਰਲ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਓਨ੍ਹਾਂ ਸਿਵਲ ਸਰਜਨ ਅਤੇ ਹਸਪਤਾਲ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮਾਂਬੱਧ ਅਤੇ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਾਉਣ ਲਈ ਵਚਨਬੱਧ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਿਵਾਰ ਨਿਯੋਜਨ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਅਤੇ ਸੋਹਲ ਪੱਤੀ ਵਿਚ ਬਣੇ ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੁਡਾਉਣ ਲਈ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਓਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਓਨ੍ਹਾਂ ਦੇ ਆਸ – ਪਾਸ ਕੋਈ ਨਸ਼ਾ ਪੀੜਤ ਹੈ ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਕਰਾਇਆ ਜਾਵੇ ਤਾਂ ਜੋ ਅਜਿਹੇ ਮਰੀਜ਼ਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਵਧਾਇਆ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਬਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ, ਕੁਲਵੰਤ ਸਿੰਘ ਡੀ ਪੀ ਐਮ ਅਤੇ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਮੌਜੂਦ ਸੀ। Post navigation Previous Post ਬਰਨਾਲਾ ’ਚ ਪੁਲਿਸ ਨੇ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਕੀਤਾ ਸਨਮਾਨਿਤNext Postਬਰਨਾਲਾ ’ਚ ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ