Skip to content

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਈਟੀਆਈ ਬਰਨਾਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਦੱਸਿਆ ਕਿ ਲਗਭਗ ਇਕ ਦਹਾਕੇ ਤੋਂ ਉੱਪਰ ਸਮੇਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦਬਾਉਣ ਦੀ ਲੜਾਈ ਲੜ੍ਹ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੇ ਲੈਂਡ ਸੀਲਿੰਗ ਐਕਟ 1972 ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਇਸਦੇ ਤਹਿਤ ਸੰਗਰੂਰ ਨੇੜਲੇ ਬੀੜ ਐਸ਼ਵਾਨ ਨਾਂ ਦੇ ਬੇਚਰਾਗ ਪਿੰਡ ਨੂੰ ਬੇਗਮਪੁਰਾ ’ਚ ਤਬਦੀਲ ਕਰਨ ਦੇ ਲਈ ਮੁਹਿੰਮ ਕੀਤੀ ਹੋਈ ਸੀ। ਇਸ ਕਾਰਨ ਸਰਕਾਰ ਵੱਲੋਂ ਹਜ਼ਾਰਾਂ ਪਿੰਡਾਂ ਦੇ ਸੈਂਕੜੇ ਦਲਿਤ ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਕਰ ਕੇ ਵੱਖ-ਵੱਖ ਜੇਲ੍ਹਾਂ ’ਚ ਭੇਜਿਆ ਗਿਆ। ਸ਼ੁੱਕਰਵਾਰ 13 ਜੂਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਕੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਗ੍ਰਿਫ਼ਤਾਰ ਕਰ ਕੇ ਬਠਿੰਡਾ ਜੇਲ੍ਹ ’ਚ ਭੇਜ ਦਿੱਤਾ ਗਿਆ। ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੇ ਇਸ ਘਟੀਆ ਰਵਈਏ ਦੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਉਦਯੋਗ ਕਿਸੇ ਸਿਖਲਾਈ ਸੰਸਥਾ ਬਰਨਾਲਾ ਵਿਖੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਗਈ ਕਿ ਜਥੇਬੰਦੀ ਦੇ ਆਗੂ ਬਿੱਕਰ ਸਿੰਘ ਸਮੇਤ ਬਾਕੀ ਦਲਿਤ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਿਹਾ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਦੇ ਖ਼ਿਲਾਫ਼ ਅਤੇ ਜੇਲ੍ਹ ’ਚ ਬੰਦ ਬੇਕਸੂਰ ਦਲਿਤ ਮਜ਼ਦੂਰਾਂ ਦੇ ਹੱਕ ’ਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ। ਪੰਜਾਬ ਸਟੂਡੈਂਟਸ ਯੂਨੀਅਨ ਉਸ ’ਚ ਵੱਧ-ਚੜ੍ਹ ਕੇ ਸ਼ਾਮਲ ਹੋਵੇਗੀ। ਇਸ ਮੌਕੇ ਹੁਸਨਪ੍ਰੀਤ ਠੀਕਰੀਵਾਲ, ਜਸ਼ਨ ਖੁੱਡੀ ਕਲਾਂ, ਗੁਰਪ੍ਰੀਤ ਸਿੰਘ ਆਦਿ ਸਿਖਿਆਰਥੀ ਹਾਜ਼ਰ ਸਨ।
Scroll to Top