ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

– 20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ

– ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ ‘ਆਪ’ ਸਰਕਾਰ ਦੇ ਮੁੱਖ ਤਰਜ਼ੀਹੀ ਖੇਤਰ : ਮਾਨ

ਚੰਡੀਗੜ੍ਹ, 18 ਫਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।

ਮੁੱਖ ਮੰਤਰੀ ਅੱਜ ਦੁਪਹਿਰ ਮੌਕੇ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਦਾ ਦੌਰਾ ਕੀਤਾ ਹੈ ਕਿ ਕੀ ਉਨ੍ਹਾਂ ਦੇ ਕੰਮ ਸੁਚਾਰੂ ਢੰਗ ਨਾਲ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਹੋ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਫ਼ਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਲੋਕਾਂ ਦੇ ਰੋਜ਼ਮੱਰਾ ਦੇ ਦਫ਼ਤਰੀ ਕੰਮਕਾਜ ਦਾ ਫੌਰੀ ਹੱਲ ਕਰਨਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਨਿੱਜੀ ਤੌਰ ‘ਤੇ ਨਿਰੰਤਰ ਨਜ਼ਰ ਰੱਖਣਗੇ।

ਮੁੱਖ ਮੰਤਰੀ ਨੇ ਇਲਾਕੇ ਵਿੱਚ ਨਿਰਮਾਣ ਅਧੀਨ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 20 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਸਪਤਾਲ ‘ਤੇ ਚੱਲ ਰਿਹਾ ਕੰਮ ਇਸ ਸਾਲ 30 ਜੂਨ ਤੱਕ ਪੂਰਾ ਹੋ ਜਾਵੇਗਾ ਜਿਸ ਤੋਂ ਬਾਅਦ ਇਸ ਨੂੰ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।

ਇਸ ਦੌਰਾਨ ਸਰਦੂਲਗੜ੍ਹ ਵਿਖੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਇਸ ਦੇ ਕਾਇਆਕਲਪ ਲਈ ਸਖ਼ਤ ਯਤਨ ਕਰ ਰਹੀ ਹੈ।

ਅੱਜ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਚੈਕਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ ਖੇਤਰਾਂ ਦੇ ਵਿਕਾਸ ਵੱਲ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਨਤਕ ਮਹੱਤਤਾ ਵਾਲੇ ਇਨ੍ਹਾਂ ਮੁੱਖ ਖੇਤਰਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰਜੀਹੀ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਿਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ ਤਾਂ ਜੋ ਪੰਜਾਬੀਆਂ ਦੀ ਖੁਸ਼ਹਾਲੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇ ਸਕੂਲਾਂ ਲਈ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਹਰ ਖੇਤਰ ਵਿੱਚ ਸਮੁੱਚਾ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਇਨ੍ਹਾਂ ਮਹੱਤਵਪੂਰਨ ਖੇਤਰਾਂ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਸੀ, ਜਿਸ ਕਾਰਨ ਸੂਬੇ ਦੇ ਵਿਕਾਸ ਦੀ ਰਫ਼ਤਾਰ ਪਛੜ ਗਈ ਸੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਰੰਗਲਾ ਪੰਜਾਬ ਦਾ ਰੋਡਮੈਪ ਹੈ, ਜਿਸਨੂੰ ਆਮ ਆਦਮੀ ਦੀ ਸਰਗਰਮ ਸ਼ਮੂਲੀਅਤ ਨਾਲ ਤਿਆਰ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਨਾਗਰਿਕਾਂ ਤੋਂ ਫੀਡਬੈਕ ਲੈਣ ਲਈ ਮੁੱਖ ਮੰਤਰੀ ਨੇ ਉਹਨਾਂ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ ਤਹਿਸੀਲ ਵਿੱਚ ਤਹਿਸੀਲਦਾਰ ਦੀ ਰੈਗੂਲਰ ਤਾਇਨਾਤੀ ਜਲਦ ਹੀ ਕੀਤੀ ਜਾਵੇਗੀ। ਉਨ੍ਹਾਂ ਦਫ਼ਤਰ ਦੇ ਕੰਮਕਾਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਕੰਪਲੈਕਸ ਵਿੱਚ ਹਾਈ ਸਪੀਡ ਇੰਟਰਨੈੱਟ ਲਗਾਉਣ ਦੇ ਵੀ ਹੁਕਮ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਸਮੇਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਨੂੰ ਪੂਰਾ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਮੁੜ ਵਸੇਬੇ ਦੇ ਮੌਕੇ ਪ੍ਰਦਾਨ ਕਰੇਗੀ ਤਾਂ ਜੋ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਪਰਾਲੇ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਵੀ ਆਪਣੇ ਨਾਲ ਜੋੜੇਗੀ, ਜਿਨ੍ਹਾਂ ਨੇ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਸਫ਼ਲਤਾਪੂਰਵਕ ਆਪਣੇ ਉੱਦਮ ਸਥਾਪਤ ਕੀਤੇ ਹਨ ਤਾਂ ਜੋ ਡਿਪੋਰਟ ਕੀਤੇ ਗਏ ਪੰਜਾਬੀਆਂ ਨੂੰ ਆਪਣੇ ਦੇਸ਼ ਵਿੱਚ ਹੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.