
– ਧੱਕਾ ਮਾਰ ਕੇ ਅੰਦਰ ਆਏ ਨੇ, ਮਜੀਠੀਆ ਦੀ ਪਤਨੀ ਨੇ ਛਾਪੇਮਾਰੀ ਦਾ ਕੀਤਾ ਵਿਰੋਧ
ਅੰਮ੍ਰਿਤਸਰ, 25 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਵਾਲੇ ਘਰ ’ਤੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਟੀਮ ਸਵੇਰ ਦੇ ਸਮੇਂ ਤੋਂ ਹੀ ਮਜੀਠੀਆ ਦੀ ਰਿਹਾਇਸ਼ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ, ਛਾਪੇਮਾਰੀ ਦੌਰਾਨ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿੱਚ ਮੌਜੂਦ ਹਨ।
ਗਨੀਵ ਕੌਰ ਨੇ ਵਿਜੀਲੈਂਸ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਹੈ। ਹਾਲਾਂਕਿ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਅਨੁਸਾਰ ਇਹ ਰੇਡ ਕਿਸੇ ਵਿਸ਼ੇਸ਼ ਜਾਂਚ ਸਬੰਧੀ ਹੋ ਰਹੀ ਹੈ।
ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਕੜੀ ਤਹਿਤ ਹੀ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਫ਼ਿਲਹਾਲ ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਮਜੀਠੀਆ ਵਿਰੁੱਧ ਹੋ ਰਹੀ ਇਸ ਕਾਰਵਾਈ ਨੇ ਸਿਆਸੀ ਗਰਮਾਹਟ ਪੈਦਾ ਕਰ ਦਿੱਤੀ ਹੈ ਅਤੇ ਅਕਾਲੀ ਦਲ ਵੱਲੋਂ ਇਸ ‘ਤੇ ਰੋਸ ਪ੍ਰਗਟ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।