
ਚੰਡੀਗੜ੍ਹ, 2 ਜੁਲਾਈ (ਰਵਿੰਦਰ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਸੀ। ਅਕਾਲੀ ਦਲ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਜੀਠੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸਮਰਥਕਾਂ ਨਾਲ ਮੋਹਾਲੀ ਪਹੁੰਚੇ ਸਨ। ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।