ਬਰਨਾਲਾ, 3 ਜੁਲਾਈ (ਰਵਿੰਦਰ ਸ਼ਰਮਾ) : ਥਾਣਾ ਠੁੱਲੀਵਾਲ ਪੁਲਿਸ ਨੇ 15 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀਐੱਸਪੀ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਥਾਣਾ ਮੁਖੀ ਗੁਰਮੇਲ ਸਿੰਘ ਦੀ ਅਗਵਾਈ ਅਤੇ ਏਐੱਸਆਈ ਹਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ਪਿੰਡ ਗੁੰਮਟੀ ਨੇੜੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖ ਕੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਦੀ ਪਛਾਣ ਤੀਰਥ ਸਿੰਘ ਵਾਸੀ ਟਿੱਬਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਵਿਅਕਤੀ ਬਾਹਰੋਂ ਚਿੱਟਾ ਨਸ਼ੀਲਾ ਪਦਾਰਥ ਲਿਆ ਕੇ ਸੰਗਰੂਰ-ਬਰਨਾਲਾ ਇਲਾਕੇ ਵਿੱਚ ਵੇਚਣ ਦਾ ਕੰਮ ਕਰ ਰਿਹਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਿਤ ਧਾਰਾਵਾਂ ਹੇਠ ਥਾਣਾ ਠੁੱਲੀਵਾਲ ’ਚ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਏਐੱਸਆਈ ਮਨਜਿੰਦਰ ਸਿੰਘ, ਮੁੱਖ ਮੁਨਸ਼ੀ ਗੁਰਦੀਪ ਸਿੰਘ ਤੇ ਸਿਪਾਹੀ ਜਗਦੀਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪਿੰਡਾਂ ਨੂੰ ਨਸ਼ਾਮੁਕਤ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਕਲੱਬਾਂ ਤੇ ਹੋਰ ਵੱਖ-ਵੱਖ ਜਥੇਬੰਦੀਆਂ ਨੂੰ ਪੁਲਿਸ ਦਾ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

Posted inਬਰਨਾਲਾ
