– ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਹੜਤਾਲ ਦੇ ਪਹਿਲੇ ਦਿਨ ਹੀ ਝੁਕੀ ਸਰਕਾਰ, ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ, ਹੜਤਾਲ ਖਤਮ
ਚੰਡੀਗੜ੍ਹ/ਬਰਨਾਲਾ, 9 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਖਤਮ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਉਪਰੰਤ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਦੇ ਦਿੱਤਾ ਗਿਆ ਹੈ ਜਿਸ ਕਰਕੇ ਦੋਨਾਂ ਜੂਨੀਅਨਾ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ, ਹੁਣ ਬੱਸਾਂ ਆਮ ਦੀ ਤਰ੍ਹਾਂ ਚੱਲਣਗੀਆਂ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੋਨਾਂ ਯੂਨੀਅਨ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਕਿ ਯੂਨੀਅਨ ਵੱਲੋਂ ਰੱਖੀਆਂ ਅਹਿਮ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੇਣ ਤੇ ਹੁਣ ਹੜਤਾਲ ਖਤਮ ਕਰ ਦਿੱਤੀ ਗਈ ਹੈ ਅਤੇ ਟਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਯੂਨੀਅਨਾਂ ਅਤੇ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰਤ ਹੱਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ ਦੁਬਾਰਾ ਫਿਰ ਟਰਾਂਸਪੋਰਟ ਵਿਭਾਗ ਅਤੇ ਵਿੱਤ ਵਿਭਾਗ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਹੋਵੇਗੀ ਜਿਸ ਵਿੱਚ ਬਾਕੀ ਰਹਿੰਦੇ ਮਸਲੇ ਵੀ ਵਿਚਾਰੇ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਤੇ ਖਜ਼ਾਨਾ ਮੰਤਰੀ ਵੱਲੋਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਹੁਣ ਹੜਤਾਲ ਖਤਮ ਹੋ ਗਈ ਹੈ । ਪੰਜਾਬ ਰੋਡਵੇਜ ਪਨ ਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਤੇ ਖਜ਼ਾਨਾ ਮੰਤਰੀ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇਣ ਉਪਰੰਤ ਅੱਜ ਹੜਤਾਲ ਖਤਮ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ ਦੁਬਾਰਾ ਮੀਟਿੰਗ ਵਿੱਚ ਕਈ ਮਸਲੇ ਹੋਰ ਵਿਚਾਰੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਸੱਤ ਅਹਿਮ ਮੰਗਾਂ ਸਰਕਾਰ ਨੇ ਮੰਨੀਆਂ ਸਨ ਜਿਸ ਵਿੱਚ ਕੱਚੇ ਕਾਮੇ ਪੱਕੇ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ, ਨਵੀਆਂ ਬੱਸਾਂ ਦਾ ਫਲੀਟ ਪਾਉਣ ਅਤੇ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਉਣ ਦੇ ਨਾਲ ਪੈਨਸ਼ਨ ਤੇ ਤਨਖਾਹ ਸਮੇਂ ਸਿਰ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਬਹੁ ਗਿਣਤੀ ਮੰਗਾਂ ਨੂੰ ਹੱਲ ਕਰਨ ਦੀ ਉਮੀਦ ਹੈ ਤੇ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਕੀਤੇ ਵਾਅਦੇ ਅਨੁਸਾਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਟਰਾਂਸਪੋਰਟ ਕਾਮੇ ਫਿਰ ਸੜਕਾਂ ਤੇ ਆਉਣ ਲਈ ਮਜਬੂਰ ਹੋਣਗੇ। ਜਿਕਰ ਯੋਗ ਹੈ ਕਿ ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨ ਬੱਸ ਕੰਟਰੈਕਟ ਵਰਕਰਾਂ ਵੱਲੋਂ 9,10 ਅਤੇ 11 ਜੁਲਾਈ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਗਈ ਸੀ ਅੱਜ ਪਹਿਲੇ ਦਿਨ 90 ਫੀਸਦੀ ਸਰਕਾਰੀ ਬੱਸਾਂ ਬੰਦ ਰਹੀਆਂ ਜਿਸ ਕਰਕੇ ਲੋਕ ਵੀ ਪਰੇਸ਼ਾਨ ਹੋਏ। ਆਖਰਕਾਰ ਅੱਜ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੁਣ ਹੜਤਾਲ ਖਤਮ ਹੋ ਗਈ ਹੈ।
