ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ’ਚ ਬਰਨਾਲਾ ਜ਼ਿਲ੍ਹੇ ਤੋਂ ਪਰਮਿੰਦਰ ਸਿੰਘ ਭੰਗੂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਰਮਿੰਦਰ ਸਿੰਘ ਭੰਗੂ ਮੈਂਬਰ ਪਾਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੇ ਅਤਿ ਨਜ਼ਦੀਕੀਆਂ ’ਚੋਂ ਇੱਕ ਹਨ। ਉਨ੍ਹਾਂ ਦੀ ਸਿਫ਼ਾਰਸ ’ਤੇ ਹੀ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ 17 ਮਾਰਚ ਨੂੰ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ’ਚ ਅਹਿਮ ਥਾਂ ਦਿੰਦਿਆਂ ਜ਼ਿਲ੍ਹਾ ਬਰਨਾਲਾ ਤੋਂ ਪਾਰਟੀ ਦੇ ਪ੍ਰਧਾਨ ਥਾਪ ਕੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਸੀ। ਸੰਗਠਨ ਲਈ ਸਮਰਪਿਤ ਹੋ ਕੇ, ਇਮਾਨਦਾਰ ਛਵੀ ਵਾਲੇ ਪਰਮਿੰਦਰ ਸਿੰਘ ਭੰਗੂ ਨੂੰ ਪਾਰਟੀ ਪ੍ਰਤੀ ਦਿੱਤੀਆਂ ਸੇਵਾਵਾਂ ਤੇ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਿਉਂ ਹੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ਵਾਲਾ ਜਾਰੀ ਕੀਤਾ ਪੱਤਰ ਜਿਉਂ ਹੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਤਿਉਂ ਹੀ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਵਿਖੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਪਰਮਿੰਦਰ ਭੰਗੂ ਨੂੰ ਖੁਦ ਪਹੁੰਚ ਕੇ ਤੇ ਮੋਬਾਈਲ ਰਾਹੀਂ ਵਧਾਈ ਦਿੱਤੀ। ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਤੇ ਵਿਸ਼ੇਸ਼ ਅਧਿਕਾਰਿਤ ਕਮੇਟੀ ਵਿਧਾਨ ਸਭਾ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ, ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਬਰਨਾਲਾ ਹਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ‘ਆਪ’ ਆਗੂਆਂ ਤੇ ਵਰਕਰਾਂ ਨੇ ਭੰਗੂ ਨੂੰ ਵਧਾਈ ਦਿੱਤੀ।

Posted inਬਰਨਾਲਾ