ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ਤਹਿਤ ਡਾ. ਰਮਨਦੀਪ ਕੌਰ, ਜੋ ਕਿ ਇਸ ਸਮੇਂ ਪਸ਼ੂ ਹਸਪਤਾਲ ਬਰਨਾਲਾ ਵਿਖੇ ਵੈਟਰਨਰੀ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੂੰ ਪੰਜਾਬ ਸਟੇਟ ਵੈਟਰਨਰੀ ਕੌਂਸਲ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਸ਼ੂ ਪਾਲਣ ਵਿਭਾਗ ਲਈ ਇੱਕ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ। ਡਾ. ਰਮਨਦੀਪ ਕੌਰ ਦਾ ਪਸ਼ੂਆਂ ਦੀ ਦੇਖਭਾਲ ਅਤੇ ਇਲਾਜ ਦੇ ਖੇਤਰ ਵਿੱਚ ਵੱਡਾ ਤਜਰਬਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਕੌਂਸਲ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਆਉਣ ਦੀ ਉਮੀਦ ਹੈ। ਇਸ ਮੌਕੇ ਡਾ. ਰਮਨਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਸ਼ੂ ਪਾਲਕਾਂ ਅਤੇ ਪਸ਼ੂਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਨਵੀਆਂ ਨੀਤੀਆਂ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਪੰਜਾਬ ਸਟੇਟ ਵੈਟਰਨਰੀ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਵੈਟਰਨਰੀ ਪ੍ਰੈਕਟਿਸ ਨੂੰ ਨਿਯਮਤ ਕਰਨਾ ਅਤੇ ਪਸ਼ੂਆਂ ਲਈ ਸਿਹਤ ਸੇਵਾਵਾਂ ਦਾ ਪੱਧਰ ਉੱਚਾ ਚੁੱਕਣਾ ਹੈ। ਜ਼ਿਕਰਯੋਗ ਹੈ ਕਿ ਡਾ. ਰਮਨਦੀਪ ਕੌਰ ਪਸ਼ੂ ਹਸਪਤਾਲ ਬਰਨਾਲਾ ’ਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਉਂਦੇ ਆ ਰਹੇ ਹਨ। ਡਾ. ਰਮਨਦੀਪ ਕੌਰ ਦੀ ਮੈਂਬਰ ਵਜੋਂ ਨਿਯੁਕਤੀ ਨਾਲ ਇਸ ਦਿਸ਼ਾ ਵਿੱਚ ਹੋਰ ਵੀ ਮਜ਼ਬੂਤੀ ਮਿਲੇਗੀ। ਪੰਜਾਬ ਸਟੇਟ ਵੈਟਰਨਰੀ ਕੌਂਸਲ ਦੇ ਮੈਂਬਰ ਵਜੋਂ ਡਾ. ਰਮਨਦੀਪ ਕੌਰ ਦੀ ਨਿਯੁਕਤੀ ’ਤੇ ਡਾ. ਵਿਸ਼ਾਲ, ਡਾ. ਗਗਨਜੋਤ, ਡਾ. ਦੀਪ ਮਹਿੰਦਰ, ਡਾ. ਪਵਿੱਤਰ, ਡਾ. ਉਮਰਦੀਨ, ਡਾ. ਮਲਕੀਤ ਸਣੇ ਸਮੂਹ ਬਰਨਾਲਾ ਸ਼ਹਿਰ ਵਾਸੀਆਂ ਨੇ ਵਧਾਈ ਦਿੱਤੀ।

Posted inਬਰਨਾਲਾ