ਬਰਨਾਲਾ, 16 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਵਿਚ ਇਕ ਖੇਤ ਮਜ਼ਦੂਰ ਦੀ ਕੰਮ ਕਰਦੇ ਸਮੇਂ ਅਚਾਨਕ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਚਰਨ ਸਿੰਘ ਦੀ ਅਚਾਨਕ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਸਮੇਤ ਪਿੰਡ ਵਾਸੀ ਉਸ ਦੀ ਮੌਤ ’ਤੇ ਗਹਿਰੇ ਦੁੱਖ ਵਿਚ ਹਨ। ਮ੍ਰਿਤਕ ਦੇ ਛੋਟੇ ਭਰਾ ਹਰਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਚਰਨ ਸਿੰਘ ਲੰਮੇ ਸਮੇਂ ਤੋਂ ਖੇਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਅੱਜ ਸਵੇਰੇ ਰੋਟੀ ਖਾ ਕੇ ਉਹ ਪਿੰਡ ਤੋਂ ਕਾਲਸਾਂ ਜਾਣ ਵਾਲੇ ਕੱਚੇ ਰਸਤੇ ਨੇੜੇ ਕਿਸਾਨਾਂ ਦੇ ਖੇਤਾਂ ਵਿਚ ਨਵਾਂ ਖਾਲ ਬਣਾਉਣ ਲਈ ਗਿਆ ਸੀ। ਕੰਮ ਕਰਦੇ ਦੌਰਾਨ ਉਸ ਨੂੰ ਅਚਾਨਕ ਹਾਰਟ ਅਟੈਕ ਆਇਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਸਾਥੀਆਂ ਨੇ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਦੀ ਮਦਦ ਨਾਲ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪਿੱਛੇ ਉਸ ਦੀ ਪਤਨੀ, ਦੋ ਧੀਆਂ ਅਤੇ ਇਕ ਪੁੱਤਰ ਰੋਂਦਿਆਂ-ਕੁਰਲੌਂਦਿਆਂ ਛੱਡ ਗਿਆ ਹੈ। ਪਿੰਡ ਦੇ ਸਮਾਜ ਸੇਵਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁੜ ਵਸੇਬੇ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।

Posted inਬਰਨਾਲਾ