
ਬਰਨਾਲਾ, 20 ਅਗਸਤ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਰੇਲਵੇ ਸਟੇਸ਼ਨ ਨੇੜੇ ਦੇ ਇੱਕ ਸੰਘਣੀ ਆਬਾਦੀ ਵਾਲੇ ਖੇਤਰ ਹੰਡਿਆਇਆ ਬਜ਼ਾਰ ਦਾ ਹੈ, ਜਿੱਥੇ ਇੱਕੋ ਰਾਤ ਵਿੱਚ ਪੰਜ ਦੁਕਾਨਾਂ ‘ਤੇ ਚੋਰੀ ਦੀ ਘਟਨਾ ਨੇ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੋਰਾਂ ਨੇ ਬੜੀ ਚੁਸਤੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਰਤਨ ਸਿਲੈਕਸ਼ਨ ਦੀ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਚੜ੍ਹੇ ਅਤੇ ਲੋਹੇ ਦਾ ਗੇਟ ਤੋੜ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਬਲਵਿੰਦਰ ਸਾਈਕਲ ਸਟੋਰ, ਸਿੰਗਲਾ ਸਾਈਕਲ ਸਟੋਰ, ਰਤਨ ਸਿਲੈਕਸ਼ਨ, ਹਰ ਸ਼੍ਰੀ ਨਾਥ ਡੇਅਰੀ ਅਤੇ ਪੰਜਾਬ ਫਾਰਮਾ ਡਿਸਟ੍ਰੀਬਿਊਟਰ ਸਮੇਤ ਕੁੱਲ ਪੰਜ ਦੁਕਾਨਾਂ ਵਿੱਚ ਚੋਰੀ ਕੀਤੀ। ਬਲਵਿੰਦਰ ਸਾਈਕਲ ਸਟੋਰ ਦੇ ਮਾਲਕ ਪ੍ਰਵੀਨ ਸਿੰਗਲਾ ਨੇ ਦੱਸਿਆ ਕਿ ਚੋਰ ਸਿਰਫ਼ ਗੱਲਿਆਂ ਵਿੱਚ ਪਏ ਨਕਦ ਪੈਸੇ ਹੀ ਲੈ ਕੇ ਗਏ ਹਨ, ਜਿਸ ਨਾਲ ਉਨ੍ਹਾਂ ਦਾ ਕਰੀਬ 8 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਇਹ ਵਾਰਦਾਤ ਅਜਿਹੇ ਇਲਾਕੇ ਵਿੱਚ ਹੋਈ ਹੈ ਜੋ ਕਿ ਰੇਲਵੇ ਸਟੇਸ਼ਨ ਚੌਂਕ ਦੇ ਬਿਲਕੁਲ ਨੇੜੇ ਹੈ। ਇਹ ਇੱਕ ਅਜਿਹਾ ਇਲਾਕਾ ਹੈ ਜਿੱਥੇ ਰਾਤ ਸਮੇਂ ਵੀ ਲੋਕਾਂ ਦੀ ਆਵਾਜਾਈ ਰਹਿੰਦੀ ਹੈ ਅਤੇ ਪੁਲਿਸ ਗਸ਼ਤ ਦਾ ਦਾਅਵਾ ਕਰਦੀ ਹੈ। ਇਸ ਦੇ ਬਾਵਜੂਦ ਇੰਨੀ ਵੱਡੀ ਚੋਰੀ ਹੋਣਾ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਦੁਕਾਨਦਾਰਾਂ ਨੇ ਦੱਸਿਆ ਕਿ ਇੱਕ ਚੋਰ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ, ਜਿਸ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਮੀਤ ਪ੍ਰਧਾਨ ਮੋਨੂ ਗੋਇਲ ਤੇ ਸੀਨੀਅਰ ਅਕਾਲੀ ਆਗੂ ਜਤਿੰਦਰ ਜਿੰਮੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦ ਅਤੇ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰੀ ਸਰਕਾਰ ਨੂੰ ਕਰੋੜਾਂ ਰੁਪਏ ਦਾ ਟੈਕਸ ਅਦਾ ਕਰਦੇ ਹਨ, ਪਰ ਉਨ੍ਹਾਂ ਦੀ ਰੋਜ਼ੀ-ਰੋਟੀ ਹੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸ਼ਹਿਰ ਵਿੱਚ ਰਾਤ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਜੇਕਰ ਅਜਿਹੀਆਂ ਘਟਨਾਵਾਂ ਨਾ ਰੁਕੀਆਂ ਤਾਂ ਵਪਾਰੀ ਵਰਗ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਉਹ ਜਲਦੀ ਹੀ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ।
