ਬਰਨਾਲਾ, 20 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਵ/ਸ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਲਈ 4 ਅਗਸਤ ਤੋਂ ਸ਼ੁਰੂ ਕੀਤੀ ਹੜਤਾਲ 17ਵੇਂ ਦਿਨ ’ਚ ਸ਼ਾਮਲ ਹੋ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਬਰਨਾਲਾ ਵੱਲੋਂ ਸ਼ਾਂਤੀਪੂਰਨ ਹੜਤਾਲ ’ਤੇ ਬੈਠੇ ਵਰਕਰਾਂ ਨਾਲ ਪੁਲਿਸ ਪ੍ਰਸ਼ਾਸਨ ਬਰਨਾਲਾ ਤੋਂ ਕੋਲ ਖੜ੍ਹ ਕੇ ਧੱਕਾਮੁੱਕੀ ਕਰਵਾਈ ਤੇ ਵਰਕਰਾਂ ਦੇ ਮੋਬਾਈਲ ਫੋਨ ਵੀ ਖੋਹੇ ਗਏ। ਪੁਲਿਸ ਵੱਲੋਂ ਇਹ ਹਮਲਾ ਮੁਲਾਜ਼ਮਾਂ ਦਾ ਪੱਖ ਸੁਣੇ ਬਿਨਾਂ ਕਾਰਜਕਾਰੀ ਇੰਜੀਨੀਅਰ ਦੀ ਸਹਿ ’ਤੇ ਕੀਤਾ ਗਿਆ। ਜਿਸ ਦੇ ਰੋਸ ਵਜੋਂ ਸਮੂਹ ਆਊਟਸੋਰਸ ਵਰਕਰਾਂ ਵੱਲੋਂ ਬਰਨਾਲਾ ਸ਼ਹਿ਼ਰ ਅੰਦਰ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੀਤਾ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਬਰਨਾਲਾ ਅਸ਼ੋਕ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਝਲੂਰ, ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਾਰਾਇਣ ਦੱਤ, ਜ਼ਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੋਹਣ ਸਿੰਘ ਮਾਝੀ, ਡੀਐੱਮਐੱਫ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਪ੍ਰਭੂ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਪਾਲ ਰਿੰਕੂ ਤੇ ਗੁਲਸਨ ਕੁਮਾਰ, ਬੀਕੇਯੂ ਏਕਤਾ ਡਕੌਦਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਵਿੱਤਰ ਸਿੰਘ ਲਾਲੀ ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੱਚੇ ਕਾਮਿਆਂ ’ਤੇ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ।

Posted inਬਰਨਾਲਾ