ਬਰਨਾਲਾ, 21 ਅਗਸਤ (ਰਵਿੰਦਰ ਸ਼ਰਮਾ) : ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਦੇ ਕੈਂਪ ਲਗਾਉਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਸ਼ਾਸਨ ਵਿੱਚ ਚੱਲ ਰਿਹਾ ਮਾਮਲਾ ਅੱਜ ਉਸ ਸਮੇਂ ਹੋਰ ਭੱਖ ਗਿਆ, ਜਦੋਂ ਪੁਲਿਸ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਤਲਵੰਡੀ ਤੋਂ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਭਾਜਪਾ ਆਗੂ ਗੁਰਸ਼ਰਨ ਠੀਕਰੀਵਾਲ ਅਤੇ ਬਲਵਿੰਦਰ ਹੈਪੀ ਨੂੰ ਗ੍ਰਿਫ਼ਤਾਰ ਕਰਦਿਆਂ ਥਾਣਾ ਰੁੜੇਕੇ ਕਲਾਂ ਵਿਖੇ ਲਿਜਾਇਆ ਗਿਆ। ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਥਾਣਾ ਰੂੜੇਕੇ ਕਲਾਂ ਦੇ ਅੱਗੇ ਧਰਨਾ ਲਾ ਕੇ ਸੰਘਰਸ਼ ਸ਼ੁਰੂ ਕਰ ਦਿੱਤਾ। ਭਾਜਪਾ ਦੇ ਸਾਬਕਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਰਜਿੰਦਰ ਉੱਪਲ ਨੇ ਕਿਹਾ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਮੌਕੇ ’ਤੇ ਹੀ ਉਹਨਾਂ ਨੂੰ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਜਿਸ ਤੋਂ ਹਜ਼ਾਰਾਂ ਲੋਕ ਜ਼ਿਲ੍ਹ ਵਿੱਚ ਆਪਣੇ ਕਾਰਡ ਬਣਵਾ ਕੇ ਲਾਭ ਵੀ ਲੈ ਚੁੱਕੇ ਹਨ। ਜਿਸ ਨਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਵੱਡੀ ਗਿਣਤੀ ਵਿੱਚ ਲੋਕ ਲਗਾਤਾਰ ਜੁੜ ਰਹੇ ਹਨ। ਪਰ ਹੁਣ ਇਸ ਚੜ੍ਹਤ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਘਬਰਾ ਗਈ ਹੈ ਅਤੇ ਧੱਕੇਸ਼ਾਹੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਹੀ ਪਿੰਡਾਂ ਵਿੱਚ ਕੈਂਪ ਲਗਾਉਂਦੇ ਹਨ, ਪਰ ਹੁਣ ਇਹ ਗਲਤ ਤਰੀਕਾ ਅਪਣਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਉਹ ਵਿਰੋਧ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇ ਉਹਨਾਂ ਦੇ ਆਗੂਆਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਵੱਡਾ ਸੰਘਰਸ਼ ਸ਼ੁਰੂ ਕਰਨਗੇ।
