ਚੰਡੀਗੜ੍ਹ, 8 ਸਤੰਬਰ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਇੱਕ ਮਹੱਤਵਪੂਰਨ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੇ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ “ਪੰਜਾਬੀਆਂ ਨੂੰ ਮੇਰੇ ਵੱਲੋਂ ਪਿਆਰ ਭਰੀ ਸਤਿ ਸ੍ਰੀ ਅਕਾਲ। ਮੈਂ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਾਂ। ਬਿਮਾਰ ਕੋਈ ਵੀ ਹੋ ਸਕਦਾ ਹੈ, ਮੈਂ ਵੀ ਇੱਕ ਬੰਦਾ ਹੀ ਹਾਂ। ਮੈਂ ਦਿਨ ਪ੍ਰਤੀ ਦਿਨ ਠੀਕ ਹੋ ਰਿਹਾ ਹਾਂ। ਤੁਸੀਂ ਮੀਡੀਆ ਰਿਪੋਰਟਾਂ ਜ਼ਰੂਰ ਪੜ੍ਹੀਆਂ ਅਤੇ ਸੁਣੀਆਂ ਹੋਣਗੀਆਂ। ਮੈਂ ਹਸਪਤਾਲ ਵਿੱਚ ਆਪਣੇ ਕਮਰੇ ਅੰਦਰ ਬੈਠਕੇ ਹਰ ਵਰਤ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ। ਮੈਂ ਇੱਥੇ ਸੈਕਟਰੀ ਨੂੰ ਬੁਲਾਇਆ, ਚੀਫ਼ ਸੈਕਟਰੀ ਨੂੰ ਬੁਲਾਇਆ ਅਤੇ ਡੀਜੀਪੀ ਨੂੰ ਬੁਲਾਇਆ। ਮੈਂ ਕਿਹਾ ਕਿ ਤੁਸੀਂ ਹੜ੍ਹ ਪੀੜਤਾਂ ਦੀ ਮਦਦ ਕਰੋ। ਕੁਝ ਫੈਸਲੇ ਪੰਜਾਬ ਕੈਬਨਿਟ ਵਿੱਚ ਲਏ ਗਏ ਹਨ ਮੈਂ ਉਸ ਬਾਰੇ ਦੱਸਣ ਜਾ ਰਿਹਾ ਹਾਂ।”
ਹੜ੍ਹਾਂ ਨੇ ਨਦੀਆਂ ਨੂੰ ਮਿੱਟੀ ਅਤੇ ਰੇਤ ਨਾਲ ਭਰ ਦਿੱਤਾ ਹੈ, ਜਿਸ ਕਾਰਨ ਕਈ ਨਦੀਆਂ ਦੀ ਚੌੜਾਈ ਘੱਟ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਆਸ ਦਰਿਆ ਪਹਿਲਾਂ ਬਹੁਤ ਚੌੜਾ ਹੁੰਦਾ ਸੀ ਪਰ ਹੁਣ ਇਸਦੀ ਚੌੜਾਈ ਕਾਫ਼ੀ ਘੱਟ ਗਈ ਹੈ। ਇਸੇ ਕਰਕੇ ਇਸ ਨਦੀ ਨੇ ਨੇੜਲੇ ਕਈ ਇਲਾਕਿਆਂ ਵਿੱਚ ਬਹੁਤ ਤਬਾਹੀ ਮਚਾਈ। ਸਰਕਾਰ “ਜਿਸਦਾ ਖੇਤ, ਉਸਦੀ ਰੇਤ” ਨਾਂ ਨੀਤੀ ਬਣਾਈ ਹੈ। ਕਿਸਾਨ ਆਪਣੀ ਜ਼ਮੀਨ ਤੋਂ ਰੇਤ/ਮਿੱਟੀ ਕੱਢ ਸਕਣਗੇ ਅਤੇ ਜੇਕਰ ਉਹ ਚਾਹੁਣ ਤਾਂ ਇਸਨੂੰ ਵੇਚ ਵੀ ਸਕਦੇ ਹਨ।

ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਦੁਆਰਾ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਮੁਆਵਜ਼ੇ ਦੇ ਚੈੱਕ ਸਿੱਧੇ ਕਿਸਾਨਾਂ ਨੂੰ ਦਿੱਤੇ ਜਾਣਗੇ। ਜਦੋਂ ਪਾਣੀ ਉਤਰ ਗਿਆ ਤਾਂ ਤਸਦੀਕ ਕਰਕੇ ਚੈੱਕ ਕਿਸਾਨਾਂ ਨੂੰ ਦਿੱਤੇ ਜਾਣਗੇ। ਹੜ੍ਹਾਂ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜਿਨ੍ਹਾਂ ਦੇ ਘਰਾਂ ਨੂੰ ਹੜ੍ਹਾਂ ਦੌਰਾਨ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਮਿਲੇਗੀ। ਇਹ ਪੈਸੇ ਵੀ ਪੜਤਾਲ ਕਰਨ ਤੋਂ ਬਾਅਦ ਹੀ ਦਿੱਤੇ ਜਾਣਗੇ। ਜਿਨ੍ਹਾਂ ਦਾ ਪਸ਼ੂਆਂ ਦੀ ਮੌਤ ਹੋ ਗਈ ਹੈ ਸਰਕਾਰ ਉਨ੍ਹਾਂ ਨੂੰ ਵੀ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪੰਜਾਬ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲਿਆ ਹੈ। ਉਨ੍ਹਾਂ ਨੂੰ ਛੇ ਮਹੀਨਿਆਂ ਲਈ ਕੋਈ ਕਿਸ਼ਤ ਨਹੀਂ ਦੇਣੀ ਪਵੇਗੀ। ਇਸ ਸਮੇਂ ਦੌਰਾਨ ਕੋਈ ਵਿਆਜ ਵੀ ਨਹੀਂ ਹੋਵੇਗਾ। ਹੜ੍ਹ ਦੇ ਪਾਣੀ ਨੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾ ਸਰਵੇਖਣ ਅਤੇ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਪੰਜਾਬ ਸਰਕਾਰ ਸਾਰੇ ਪੰਜਾਬੀਆਂ ਦੇ ਨਾਲ ਖੜ੍ਹੀ ਹੈ। ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਟੀਕਾਕਰਨ ਮੁਹਿੰਮ ਸ਼ੁਰੂ ਹੋਵੇਗੀ। ਲੋਕਾਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਲਗਾਏ ਜਾਣਗੇ। ਸੂਬੇ ਵਿੱਚ ਪਾਣੀ ਘਟਣ ਤੋਂ ਬਾਅਦ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਚਲਾਈ ਜਾਵੇਗੀ। ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਹਰ ਪਿੰਡ ਵਿੱਚ ਕਲੀਨਿਕਾਂ ਵਿੱਚ ਡਾਕਟਰ ਆਉਣਗੇ, ਲੋਕਾਂ ਦੇ ਘਰਾਂ ਦੇ ਨੇੜੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਦਵਾਈਆਂ ਮਿਲ ਸਕਣ। ਸ਼ਹਿਰਾਂ ਅਤੇ ਪਿੰਡਾਂ ਵਿੱਚ ਸਫਾਈ ਕੀਤੀ ਜਾਵੇਗੀ।
ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ। ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ। ਹੜ੍ਹਾਂ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਅਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਗੋਕਾ/ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ਵਿੱਚ 18,304 ਪੋਲਟਰੀ ਬਰਡ ਮਰੇ ਹਨ। ਹੜ੍ਹਾਂ ਨਾਲ ਲਗਭਗ 2.52 ਲੱਖ ਪਸ਼ੂਧਨ ਅਤੇ 5,88,685 ਪੋਲਟਰੀ ਬਰਡ ਪ੍ਰਭਾਵਿਤ ਹੋਏ ਹਨ।
ਇਸੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੈਂ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਜਿਵੇਂ ਹੀ ਮੈਨੂੰ ਛੁੱਟੀ ਮਿਲੇਗੀ, ਮੈਂ ਤੁਹਾਡੇ ਵਿਚਕਾਰ ਆਵਾਂਗਾ। ਮੈਂ ਲੋਕਾਂ ਤੋਂ ਬਿਨਾਂ ਨਹੀਂ ਰਹਿ ਸਕਦਾ। ਮੇਰਾ ਦਰਦ ਤੁਹਾਡੇ ਦਰਦ ਦੇ ਸਾਹਮਣੇ ਬਹੁਤ ਛੋਟਾ ਹੈ। ਤੁਹਾਡੀ ਚੁਣੀ ਹੋਈ ਸਰਕਾਰ ਹਰ ਸਮੇਂ ਤੁਹਾਡੇ ਨਾਲ ਖੜ੍ਹੀ ਹੈ।”
