ਸੰਗਰੂਰ, 16 ਫਰਵਰੀ (ਰਵਿੰਦਰ ਸ਼ਰਮਾ) : ਉਦਯੋਗਪਤੀ ਤੋਂ ਸਿਆਸਤਦਾਨ ਬਣੇ ਅਰਵਿੰਦ ਖੰਨਾ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੂਤਰਾਂ ਮੁਤਾਬਕ, ਅਰਵਿੰਦ ਖੰਨਾ ਪਿਛਲੇ ਕੁਝ ਸਮੇਂ ਤੋਂ ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਚੱਲ ਰਹੇ ਸਨ। ਇਸੇ ਨਾਰਾਜ਼ਗੀ ਦੇ ਚਲਦਿਆਂ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਅਰਵਿੰਦ ਖੰਨਾ ਦਾ ਸੰਗਰੂਰ ਵਿਧਾਨ ਸਭਾ ਹਲਕੇ ’ਚ ਕਾਫ਼ੀ ਸਿਆਸੀ ਆਧਾਰ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਦਿੱਗਜ ਆਗੂ ਰਹੇ ਖੰਨਾ ਸਾਲ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦਾ ਉਪ-ਪ੍ਰਧਾਨ ਵੀ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਭਾਜਪਾ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਸੰਗਰੂਰ ਹਲਕੇ ਤੋਂ ਲੜੀਆਂ ਸਨ, ਹਾਲਾਂਕਿ ਦੋਵਾਂ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਅਰਵਿੰਦ ਖੰਨਾ ਨੂੰ ਪਾਰਟੀ ’ਚ ਸ਼ਾਮਲ ਕਰਨ ਲਈ ਸੰਗਰੂਰ ਪਹੁੰਚੇ ਸੁਖਬੀਰ ਬਾਦਲ
ਭਾਜਪਾ ਦੇ ਆਗੂ ਅਰਵਿੰਦ ਖੰਨਾ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਰਵਿੰਦ ਖੰਨਾ ਨੇ ਇਹ ਕਦਮ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਚੁੱਕਿਆ ਅਤੇ ਅਕਾਲੀ ਦਲ ਦੀ ਤੱਕੜੀ ਫੜੀ। ਇਸ ਮੌਕੇ ’ਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਰਵਿੰਦ ਖੰਨਾ ਨੂੰ ਜੁਆਇਨ ਕਰਨ ਲਈ ਸੰਗਰੂਰ ਪਹੁੰਚੇ।
ਸਟੇਜ ਉੱਤੇ ਸੁਖਬੀਰ ਬਾਦਲ ਨੇ ਆਪਣੇ ਦਿਲ ਦੀ ਗੱਲ ਦੱਸ ਦੇ ਹੋਏ ਕਿਹਾ ਕਿ ਉਨ੍ਹਾਂ ਦਾ ਅਰਵਿੰਦ ਖੰਨਾ ਨਾਲ ਪਿਛਲੇ 40 ਸਾਲ ਤੋਂ ਪਿਆਰ ਹੈ ਅਤੇ ਉਹ ਚਾਹੁੰਦੇ ਸਨ ਕਿ ਅਰਵਿੰਦ ਖੰਨਾ ਪਾਰਟੀ ਵਿੱਚ ਸ਼ਾਮਿਲ ਹੋ ਜਾਣ। ਅੱਜ ਅਰਵਿੰਦ ਖੰਨਾ ਆਪਣੇ ਹਜ਼ਾਰਾਂ ਵਰਕਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਗਏ ਹਨ। ਇਸ ਲਈ ਉਨ੍ਹਾਂ ਨੂੰ ਮੁਬਾਰਕਬਾਦ ਹੈ ਅਤੇ ਨਾਲ ਹੀ ਅਰਵਿੰਦ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਜਾਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਰੀ ਕਮਾਨ ਉਨ੍ਹਾਂ ਦੇ ਹੱਥ ਸੌਂਪ ਦਿੱਤੀ ਜਾਂਦੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਖੰਨਾ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਸੰਗਰੂਰ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਉਮੀਦ ਫਾਊਂਡੇਸ਼ਨ ਰਾਹੀਂ ਕਈ ਸਮਾਜਿਕ ਪਹਿਲਕਦਮੀਆਂ ਦੀ ਅਗਵਾਈ ਕੀਤੀ ਹੈ, ਜਿਸਦੀ ਉਹ ਅਗਵਾਈ ਕਰਦੇ ਹਨ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
ਬਾਦਲ ਨੇ ਕਿਹਾ ਕਿ ਮੈਂ ਭਾਜਪਾ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਬੰਸ ਸਿੰਘ ਅਤੇ ਭਾਜਪਾ ਅਤੇ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਵੀ ਸਵਾਗਤ ਕਰਦਾ ਹਾਂ ਜੋ ਸ੍ਰੀ ਖੰਨਾ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸਾਰਿਆਂ ਨੂੰ ਪਾਰਟੀ ਅੰਦਰ ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
