ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਐਮ.ਪੀ. ਮੀਤ ਹੇਅਰ

ਬਰਨਾਲਾ/ਹੰਡਿਆਇਆ, 23 ਸਤੰਬਰ (ਰਵਿੰਦਰ ਸ਼ਰਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸੂਬੇ ਭਰ ਵਿੱਚੋਂ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਸੂਬੇ ਅਤੇ ਸੂਬੇ ਤੋਂ ਬਾਹਰਲੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਜ਼ਿਲ੍ਹਾ ਬਰਨਾਲਾ ਦੀ ਸੰਗਤ ਨੂੰ ਵੀ ਲਗਾਤਾਰ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਰਤੀ ਸੰਗਤ ਦਾ ਹੰਡਿਆਇਆ ਵਿਖੇ ਸਵਾਗਤ ਕਰਨ ਮੌਕੇ ਕੀਤਾ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਧਾਰਮਿਕ ਯਾਤਰਾ ਦੀ ਇੱਛਾ ਰੱਖਣ ਵਾਲੇ ਬਜ਼ੁਰਗ ਨਾਗਰਿਕਾਂ ਨੂੰ ਸੁਚੱਜੀ ਸਹੂਲਤ ਮੁਹੱਈਆ ਕਰਵਾਉਣਾ ਹੈ। ਸਕੀਮ ਅਧੀਨ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੇ ਨਾਲ-ਨਾਲ ਹੋਰ ਜ਼ਰੂਰੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚੋਂ ਹੁਣ ਤੱਕ ਪਵਿੱਤਰ ਨਗਰੀ ਅੰਮ੍ਰਿਤਸਰ ਲਈ 400 ਤੋਂ ਵੱਧ ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਹੁਣ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਧਾਰਮਿਕ ਅਸਥਾਨਾਂ ਲਈ ਵੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਏ.ਸੀ. ਸਲੀਪਰ ਬੱਸਾਂ ਰਾਹੀਂ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਰਿਹਾਇਸ਼ ਅਤੇ ਭੋਜਨ ਦੇ ਬਹੁਤ ਵਧੀਆ ਪ੍ਰਬੰਧ ਸਨ। ਬਜ਼ੁਰਗਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੇਕ ਕਾਰਜ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
