ਬਰਨਾਲਾ, 26 ਸਤੰਬਰ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਕੇਂਦਰ ਵਿੱਚ ਰੱਖ ਕੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਸਰਕਾਰ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਬਣਾ ਰਹੀ ਹੈ ਅਤੇ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲਣ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਖੇਤੀ ਕਾਰਜਾਂ ਲਈ ਬਿਜਲੀ ਅਤੇ ਨਹਿਰੀ ਪਾਣੀ ਦੀ ਉਪਲਬਧਤਾ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਲਈ ਸੜਕਾਂ, ਗਲੀਆਂ ਅਤੇ ਬੁਨਿਆਦੀ ਢਾਂਚੇ ਦੇ ਕੰਮ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ। ਪਿੰਡਾਂ ਵਿੱਚ ਕੱਚੀਆਂ ਸੜਕਾਂ ਨੂੰ ਪੱਕਾ ਕਰਨ, ਨਾਲੀਆਂ ਦੇ ਨਿਰਮਾਣ, ਬਿਹਤਰ ਸਫ਼ਾਈ ਵਿਵਸਥਾ ਅਤੇ ਹੋਰ ਜਨਤਕ ਸਹੂਲਤਾਂ ਨਾਲ ਪੇਂਡੂ ਲੋਕਾਂ ਦਾ ਜੀਵਨ ਸੌਖਾ ਹੁੰਦਾ ਹੈ।ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਮਾਹੌਲ ਦਿੱਤਾ ਜਾ ਰਿਹਾ ਹੈ। ਉੱਥੇ ਹੀ, ਆਮ ਆਦਮੀ ਕਲੀਨਿਕਾਂ ਦੇ ਜ਼ਰੀਏ ਮੁੱਢਲੀਆਂ ਸਿਹਤ ਸੇਵਾਵਾਂ ਹੁਣ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਮਜਬੂਰੀ ਘਟੀ ਹੈ। ਮੰਨਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ, ਔਰਤਾਂ ਅਤੇ ਨੌਜਵਾਨ ਸੂਬੇ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਨੌਜਵਾਨਾਂ ਲਈ ਰੁਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕੇ ਵਧਾਉਣ ਦੇ ਨਾਲ-ਨਾਲ ਕਿਸਾਨੀ ਨੂੰ ਮਜ਼ਬੂਤ ਕਰਨਾ ਪਹਿਲ ਹੋਣੀ ਚਾਹੀਦੀ ਹੈ।

Posted inਬਰਨਾਲਾ
