ਬਰਨਾਲਾ, 17 ਨਵੰਬਰ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਅਪਰਾਧਿਕ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੁੱਟ-ਖੋਹ, ਕਤਲ, ਫਿਰੌਤੀ, ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਵਰਗੀਆਂ ਚੁਣੌਤੀਆਂ ਦਰਮਿਆਨ ਆਮ ਨਾਗਰਿਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਪੰਜਾਬ ਸਰਕਾਰ ਨੂੰ ਸਿਆਸੀ ਦਾਅਵਿਆਂ ਤੋਂ ਬਾਹਰ ਨਿਕਲ ਕੇ ਜ਼ਮੀਨੀ ਪੱਧਰ ’ਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਗੱਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਹੀ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਹੈ, ਪਰ ਅਪਰਾਧਿਕ ਵਾਰਦਾਤਾਂ ਨੂੰ ਲੈ ਕੇ ਬਣੀ ਚਿੰਤਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਜੇਕਰ ਲੋਕਾਂ ਨੂੰ ਆਪਣੇ ਘਰਾਂ, ਕਾਰੋਬਾਰਾਂ ਅਤੇ ਰੋਜ਼ਾਨਾ ਦੇ ਕੰਮਾਂ ਦੌਰਾਨ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੇ ਤਾਂ ਇਹ ਸੂਬੇ ਦੇ ਸਮਾਜਿਕ ਅਤੇ ਆਰਥਿਕ ਮਾਹੌਲ ਲਈ ਵੀ ਚਿੰਤਾਜਨਕ ਹੈ।
ਨੀਟਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿੱਥੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤ ਪਰੰਪਰਾ ਰਹੀ ਹੈ। ਅਜਿਹੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਕੇ ਅਪਰਾਧੀਆਂ ਵਿਰੁੱਧ ਨਿਰਪੱਖ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਫਿਰੌਤੀ ਮੰਗਣ ਵਾਲੇ ਅਨਸਰਾਂ ਦੇ ਨੈੱਟਵਰਕ ਤੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਅਪਰਾਧਿਕ ਵਾਰਦਾਤਾਂ ਦੀ ਜਾਂਚ ਤੇਜ਼ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਸੁਰੱਖਿਆ ਦੇ ਜ਼ਮੀਨੀ ਨਤੀਜੇ ਚਾਹੀਦੇ ਹਨ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ।
