50 ਕਿਸਾਨਾਂ ਨੂੰ ਮਿਲੇ ਇਨਾਮ, ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਕੀਤੀ ਅਪੀਲ
ਬਰਨਾਲਾ, 17 ਨਵੰਬਰ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਲੱਕੀ ਡਰਾਅ (ਪਰਾਲੀ) ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਪਹਿਲੇ ਅਤੇ ਦੂਜੇ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੱਕੀ ਡਰਾਅ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 7 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸੱਤ ਹਫ਼ਤਾਵਾਰ ਲੱਕੀ ਡਰਾਅ ਕਰਵਾਏ ਜਾ ਰਹੇ ਹਨ। ਹਰੇਕ ਡਰਾਅ ਵਿੱਚ ਪਹਿਲਾ ਇਨਾਮ 20,000 ਰੁਪਏ, ਦੂਜਾ ਇਨਾਮ 15,000 ਰੁਪਏ, ਤੀਜਾ ਇਨਾਮ 10,000 ਰੁਪਏ ਅਤੇ 22 ਹੋਰ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਜਾਂਦੇ ਹਨ। ਹੁਣ ਤੱਕ ਦੋ ਲੱਕੀ ਡਰਾਅ ਕੱਢੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਕੁੱਲ 50 ਕਿਸਾਨਾਂ ਦੀ ਚੋਣ ਕੀਤੀ ਗਈ ਹੈ।

ਪਹਿਲੇ ਲੱਕੀ ਡਰਾਅ ਵਿੱਚ ਪਹਿਲਾ ਇਨਾਮ 20,000 ਰੁਪਏ ਪਿੰਡ ਝਲੂਰ, ਬਲਾਕ ਬਰਨਾਲਾ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਜਿੱਤਿਆ। ਦੂਜਾ ਇਨਾਮ 15,000 ਰੁਪਏ ਪਿੰਡ ਬੀਹਲਾ, ਬਲਾਕ ਮਹਿਲ ਕਲਾਂ ਦੇ ਜਸਵੰਤ ਸਿੰਘ ਜੌਹਲ ਅਤੇ ਤੀਜਾ ਇਨਾਮ 10,000 ਰੁਪਏ ਪਿੰਡ ਮੰਗੇਵਾਲ, ਬਲਾਕ ਬਰਨਾਲਾ ਦੇ ਹਰਦੀਪ ਸਿੰਘ ਨੇ ਪ੍ਰਾਪਤ ਕੀਤਾ।
ਦੂਜੇ ਲੱਕੀ ਡਰਾਅ ਵਿੱਚ ਪਹਿਲਾ ਇਨਾਮ 20,000 ਰੁਪਏ ਕੌਰ ਸਿੰਘ, ਦੂਜਾ ਇਨਾਮ 15,000 ਰੁਪਏ ਨਰਿੰਦਰਜੀਤ ਸਿੰਘ ਅਤੇ ਤੀਜਾ ਇਨਾਮ 10,000 ਰੁਪਏ ਸੁਖਪਾਲ ਸਿੰਘ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਦੋਵਾਂ ਡਰਾਅ ਵਿੱਚ 22-22 ਹੋਰ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਗਏ ਹਨ।
ਸਮਾਗਮ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ, ਖੇਤੀਬਾੜੀ ਖਰਚਿਆਂ ਵਿੱਚ ਕਮੀ ਆਉਂਦੀ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਗੰਭੀਰਤਾ ਨਾਲ ਜਾਰੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨਾਲ ਹੀ ਸਾਫ਼-ਸੁਥਰਾ ਵਾਤਾਵਰਨ ਅਤੇ ਟਿਕਾਊ ਖੇਤੀਬਾੜੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਓਹਨਾਂ ਨੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਾਲ 2027 ਦੌਰਾਨ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕਿਸਾਨਾਂ ਤੋਂ ਕੀਮਤੀ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤਜਰਬਿਆਂ ਅਤੇ ਸੁਝਾਵਾਂ ਦੇ ਆਧਾਰ ‘ਤੇ ਆਉਣ ਵਾਲੇ ਸੀਜ਼ਨ ਲਈ ਹੋਰ ਬਿਹਤਰ ਰਣਨੀਤੀ ਤਿਆਰ ਕੀਤੀ ਜਾਵੇਗੀ, ਤਾਂ ਜੋ ਪਰਾਲੀ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਨਾਲ ਸੰਪਰਕ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਅਤੇ ਆਉਣ ਵਾਲੇ ਲੱਕੀ ਡਰਾਅ ਵਿੱਚ ਭਾਗ ਲੈ ਕੇ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ. ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ, ਖੇਤੀਬਾੜੀ ਵਿਭਾਗ ਤੋਂ ਸੁਨੀਤਾ ਰਾਣੀ, ਮਨਦੀਪ ਸਿੰਘ, ਏ.ਈ.ਓ. ਤੋਂ ਇਲਾਵਾ ਜ਼ਿਲ੍ਹੇ ਦੇ ਲਗਭਗ 50 ਕਿਸਾਨ ਹਾਜ਼ਰ ਸਨ।
